10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਏ.ਐੱਸ.ਆਈ ਸੁਖਚੈਨ ਸਿੰਘ ’ਤੇ ਹਮਲੇ ਦੇ ਮਾਮਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰ, ਤੀਜੇ ਦੀ ਭਾਲ ਜਾਰੀ- ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ (ਅੰਮ੍ਰਿਤਸਰ), 10 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ...

ਅਜੀਤ ਡੈਸਕ 10-10-2026

ਅਜਨਾਲਾ (ਅੰਮ੍ਰਿਤਸਰ), 10 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪਿੰਡ ਜਗਦੇਵ ਖੁਰਦ ਪਹੁੰਚ ਕੇ ਗੋਲੀਬਾਰੀ ਦੀ ਘਟਨਾ ਵਿਚ ਜ਼ਖ਼ਮੀ ਹੋਏ ਏ.ਐਸ.ਆਈ ਸੁਖਚੈਨ ਸਿੰਘ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਮੁਸਤੈਦੀ ਸਦਕਾ ਹਮਲੇ ਵਿਚ ਸ਼ਾਮਿਲ ਤਿੰਨ ਮੁਲਜ਼ਮਾਂ ਵਿਚੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵਲੋਂ ਏ.ਐਸ.ਆਈ ਸੁਖਚੈਨ ਸਿੰਘ ’ਤੇ ਹਮਲਾ ਕਰਦਿਆਂ ਉਨ੍ਹਾਂ ਦੀ ਬਾਂਹ ਵਿਚ ਗੋਲੀ ਮਾਰੀ ਗਈ ਸੀ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਸੁਖਚੈਨ ਸਿੰਘ ਦੀ ਜਾਨ ਬਚ ਗਈ ਅਤੇ ਉਨ੍ਹਾਂ ਦੀ ਬਾਂਹ ਦਾ ਵੀ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਪੁਲਿਸ ਅਤੇ ਸਰਕਾਰ ਨੇ ਗੰਭੀਰਤਾ ਨਾਲ ਲਿਆ ਹੈ। ਪੁਲਿਸ ਦੀ ਕਾਰਵਾਈ ਸਦਕਾ ਕੁੱਝ ਕੁ ਦਿਨਾਂ ਦੇ ਅੰਦਰ 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਤੀਜੇ ਮੁਲਜ਼ਮ ਨੂੰ ਵੀ ਜਲਦ ਗ੍ਰਿਫ਼ਤਾਰ ਕਰਨ ਦੀ ਉਮੀਦ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਨੇ ਕਿਸ ਦੇ ਕਹਿਣ ’ਤੇ ਇਹ ਹਮਲਾ ਕੀਤਾ ਅਤੇ ਇਸ ਪਿੱਛੇ ਕੀ ਕਾਰਨ ਸਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਬਾਰੇ ਵੀ ਜਲਦ ਜਾਣਕਾਰੀ ਮਿਲਣ ਦੀ ਉਮੀਦ ਹੈ। ਵਿਧਾਇਕ ਸ.ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਅਤੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ’ਤੇ ਹਮਲੇ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸਪੱਸ਼ਟ ਫ਼ੈਸਲਾ ਹੈ ਕਿ ਕਾਨੂੰਨ ਆਪਣੇ ਹੱਥਾਂ ਵਿਚ ਲੈਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਪੁਲਿਸ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਐੱਸ.ਐੱਚ.ਓ ਨਰਿੰਦਰ ਸਿੰਘ ਸਮੇਤ ਪੁਲਿਸ ਟੀਮ ਦੀ ਮਿਹਨਤ ਸਦਕਾ ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਮੁਲਜ਼ਮ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਧਾਲੀਵਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਡੀ.ਜੀ.ਪੀ ਪ੍ਰਵੀਨ ਕੁਮਾਰ ਸਿਨਹਾ, ਡੀ.ਆਈ.ਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ ਕੰਵਲਪ੍ਰੀਤ ਸਿੰਘ ਚਾਹਲ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਸੁਖਚੈਨ ਸਿੰਘ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ ਸਨ।

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜ਼ਖ਼ਮੀ ਮੁਲਾਜ਼ਮ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਸੁਖਚੈਨ ਸਿੰਘ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਰਪੰਚ ਡਾ: ਨਰਿੰਦਰ ਸਿੰਘ ਜਗਦੇਵ ਖੁਰਦ, ਐਸ.ਐਚ.ਓ ਸਬ ਇੰਸਪੈਕਟਰ ਨਰਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਜਗਦੇਵ ਖੁਰਦ ਆਦਿ ਹਾਜ਼ਰ ਸਨ I

ਪਿਛਲੀ ਖ਼ਬਰ ਕਪੂਰਥਲਾ ਹਲਕੇ ਤੋਂ ਪੰਥਕ ਸੋਚ ਵਾਲੇ ਸਥਾਨਕ ਆਗੂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਉਮੀਦਵਾਰ ਬਣਾਇਆ ਜਾਵੇ, ਪ੍ਰਮੁੱਖ ਅਕਾ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਸੰਗਠਨ ਦੀ ਅਗਵਾਈ ਕਰਨ ਲਈ ਇਕ ਨਵੀਂ ਟੀਮ ਦਾ ਐਲਾਨ ਕੀਤਾ