ਦਿੱਲੀ, 10 ਅਕਤੂਬਰ- ਕਾਕਰੋਚ ਜਨਤਾ ਪਾਰਟੀ (CJP) ਨੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਗਿਆਨੇਸ਼ ਕੁਮਾਰ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇ ਦਿੰਦੇ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਨੇ ਦੱਸਿਆ ਕਿ ਆਉਂਦੇ ਐਤਵਾਰ ਨੂੰ ਵੱਡੀ ਗਿਣਤੀ ਵਿਚ ਵਰਕਰ ਅਤੇ ਸਮਰਥਕ ਮੁੜ ਦਿੱਲੀ ਦੇ ਜੰਤਰ-ਮੰਤਰ ਵਿਖੇ ਪਹੁੰਚ ਕੇ ਪ੍ਰਦਰਸ਼ਨ ਕਰਨਗੇ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੰਗਠਨ ਇੰਚਾਰਜ ਅਜਿੰਕਿਆ ਸ਼ਿੰਦੇ ਨੇ ਦਿੱਲੀ ਪੁਲਿਸ ਦੀ ਕਾਰਵਾਈ 'ਤੇ ਸਵਾਲ ਚੁੱਕੇ। ਉਨ੍ਹਾਂ ਨੇ ਹਿਰਾਸਤ ਵਿਚ ਲਏ ਗਏ ਪਾਰਟੀ ਆਗੂ ਅਭਿਜੀਤ ਦੀਪਕੇ ਦੇ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਦਾਦੀ ਦਾ ਦਿਹਾਂਤ ਹੋ ਗਿਆ ਹੈ, ਪਰ ਪਰਿਵਾਰ ਉਨ੍ਹਾਂ ਨੂੰ ਇਸ ਦੁਖਦਾਈ ਖ਼ਬਰ ਬਾਰੇ ਜਾਣਕਾਰੀ ਦੇਣ ਵਿੱਚ ਵੀ ਅਸਮਰੱਥ ਹੈ।
ਅਜਿੰਕਿਆ ਸ਼ਿੰਦੇ ਮੁਤਾਬਕ, ਅਭਿਜੀਤ ਦੀਪਕੇ ਨੂੰ ਕਿੱਥੇ ਰੱਖਿਆ ਗਿਆ ਹੈ, ਇਸ ਬਾਰੇ ਵੀ ਪਰਿਵਾਰ ਨੂੰ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਭਿਜੀਤ ਦੇ ਦੋ ਵਕੀਲ ਵੀ ਉਨ੍ਹਾਂ ਤੱਕ ਪਹੁੰਚ ਨਹੀਂ ਕਰ ਸਕੇ ਹਨ। ਇਸ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਸ਼ਿੰਦੇ ਨੇ ਦਿੱਲੀ ਪੁਲਿਸ ਤੋਂ ਮੰਗ ਕੀਤੀ ਕਿ ਅਭਿਜੀਤ ਦੀਪਕੇ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਪਾਰਟੀ ਨੇ ਦੁਹਰਾਇਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪਿੱਛੇ ਹਟਣ ਵਾਲੀ ਨਹੀਂ ਹੈ ਅਤੇ ਆਉਣ ਵਾਲੇ ਐਤਵਾਰ ਨੂੰ ਜੰਤਰ-ਮੰਤਰ ਵਿਖੇ ਹੋਣ ਵਾਲੇ ਪ੍ਰਦਰਸ਼ਨ ਰਾਹੀਂ ਆਪਣਾ ਵਿਰੋਧ ਹੋਰ ਮਜ਼ਬੂਤੀ ਨਾਲ ਦਰਜ ਕਰਵਾਏਗੀ।