ਫਾਜ਼ਿਲਕਾ, 11 ਅਕਤੂਬਰ (ਬਲਜੀਤ ਸਿੰਘ)- ਫਾਜ਼ਿਲਕਾ ਵਿਚ ਅੱਜ ਸਵੇਰੇ ਹੋਈ ਬੇ-ਮੌਸਮੀ ਬਾਰਿਸ਼ ਨੇ ਜਿੱਥੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਇਸ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਤੇਜ਼ ਹਵਾਵਾਂ ਦੇ ਨਾਲ ਹੋਈ ਬਾਰਿਸ਼ ਕਾਰਨ ਜਿੱਥੇ ਖੇਤਾਂ ਵਿਚ ਖੜ੍ਹੀ ਝੋਨੇ ਦੀ ਫ਼ਸਲ ਵਿਛ ਗਈ, ਉੱਥੇ ਹੀ ਫਾਜ਼ਿਲਕਾ ਦੀ ਦਾਣਾ ਮੰਡੀ ਵਿਚ ਪਿਆ ਝੋਨਾ ਵੀ ਪਾਣੀ ਦੀ ਮਾਰ ਹੇਠ ਆ ਗਿਆ ਹੈ। ਇਸ ਤੋਂ ਇਲਾਵਾ ਪਰਮਲ ਝੋਨੇ ਦੀ ਕਟਾਈ ਅਤੇ ਖਰੀਦ ਪ੍ਰਕਿਰਿਆ ਵੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ।
ਜਾਣਕਾਰੀ ਅਨੁਸਾਰ, ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਫਾਜ਼ਿਲਕਾ ਦੀ ਦਾਣਾ ਮੰਡੀ ਵਿਚ ਪਾਣੀ ਭਰਨ ਕਾਰਨ ਹਾਲਾਤ ਚਿੰਤਾਜਨਕ ਬਣ ਗਏ। ਮੰਡੀ ਵਿਚ ਕਈ ਥਾਵਾਂ 'ਤੇ ਕਰੀਬ ਤਿੰਨ-ਤਿੰਨ ਫੁੱਟ ਪਾਣੀ ਖੜ੍ਹਾ ਹੋ ਗਿਆ, ਜਦਕਿ ਕੁਝ ਥਾਵਾਂ 'ਤੇ ਪਾਣੀ ਦਾ ਪੱਧਰ ਇਸ ਤੋਂ ਵੀ ਵੱਧ ਦੱਸਿਆ ਜਾ ਰਿਹਾ ਹੈ। ਪਾਣੀ ਭਰਨ ਕਾਰਨ ਕਿਸਾਨਾਂ ਵਲੋਂ ਮੰਡੀ ਵਿਚ ਲਿਆਂਦੇ ਗਏ ਝੋਨੇ ਦੀਆਂ ਢੇਰੀਆਂ ਪਾਣੀ ਵਿਚ ਡੁੱਬ ਗਈਆਂ ਅਤੇ ਝੋਨੇ ਦੀਆਂ ਬੋਰੀਆਂ ਵੀ ਪਾਣੀ ਵਿਚ ਸਮਾਂ ਗਈਆਂ। ਇੱਥੋਂ ਤੱਕ ਕਿ ਮੰਡੀ ਵਿਚ ਖੜ੍ਹੇ ਕਿਸਾਨਾਂ ਦੇ ਮੋਟਰਸਾਈਕਲ ਵੀ ਪਾਣੀ ਵਿਚ ਡੁੱਬੇ ਨਜ਼ਰ ਆਏ।
ਕਿਸਾਨਾਂ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਵਾਂਗ ਝੋਨੇ ਦੀ ਫ਼ਸਲ ਨੂੰ ਪਾਲਦੇ ਹਨ ਅਤੇ ਦਿਨ-ਰਾਤ ਮਿਹਨਤ ਕਰਕੇ ਫ਼ਸਲ ਤਿਆਰ ਕਰਦੇ ਹਨ। ਪਰ ਮੰਡੀ ਵਿਚ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਉਨ੍ਹਾਂ ਦੀ ਮਿਹਨਤ 'ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਵਲੋਂ ਮੰਡੀ ਵਿਚ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ, ਜਿਸ ਕਾਰਨ ਬਾਰਿਸ਼ ਦਾ ਪਾਣੀ ਇਕੱਠਾ ਹੋਣ ਨਾਲ ਉਨ੍ਹਾਂ ਦੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਹੈ।
ਬੇਮੌਸਮੀ ਬਾਰਿਸ਼ ਨੇ ਨਾ ਸਿਰਫ਼ ਮੰਡੀਆਂ ਵਿਚ ਪਈ ਫ਼ਸਲ ਨੂੰ ਪ੍ਰਭਾਵਿਤ ਕੀਤਾ ਹੈ, ਸਗੋਂ ਖੇਤਾਂ ਵਿਚ ਖੜ੍ਹੇ ਝੋਨੇ ਦੇ ਵਿਛ ਜਾਣ ਕਾਰਨ ਕਿਸਾਨਾਂ ਦੀ ਚਿੰਤਾ ਵੀ ਵਧਾ ਦਿੱਤੀ ਹੈ। ਕਿਸਾਨਾਂ ਨੂੰ ਡਰ ਹੈ ਕਿ ਜੇਕਰ ਮੰਡੀ ਵਿਚ ਪਾਣੀ ਲੰਬੇ ਸਮੇਂ ਤੱਕ ਖੜ੍ਹਾ ਰਹਿੰਦਾ ਹੈ ਤਾਂ ਝੋਨੇ ਦੀ ਗੁਣਵੱਤਾ ਪ੍ਰਭਾਵਿਤ ਹੋ ਸਕਦੀ ਹੈ ਅਤੇ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਵਲੋਂ ਦਾਣਾ ਮੰਡੀ ਵਿਚ ਖੜ੍ਹੇ ਪਾਣੀ ਦੀ ਨਿਕਾਸੀ ਲਈ ਕਿੰਨੀ ਜਲਦੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਬਾਰਿਸ਼ ਕਾਰਨ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਅਸਲ ਅੰਕੜਾ ਕੀ ਸਾਹਮਣੇ ਆਉਂਦਾ ਹੈ। ਫਿਲਹਾਲ ਕਿਸਾਨਾਂ ਦੀ ਮੰਗ ਹੈ ਕਿ ਮੰਡੀ ਵਿਚੋਂ ਪਾਣੀ ਦੀ ਨਿਕਾਸੀ ਤੁਰੰਤ ਕਰਵਾਈ ਜਾਵੇ।