14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਪੰਜਾਬ ਬੰਦ ਦਾ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ ਬਾਦਲ - ਨੋਨੀ ਮਾਨ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 14 ਅਕਤੂਬਰ (ਕਪਿਲ ਕੰਧਾਰੀ) - ਪੰਜਾਬ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੇ ਵਧ ਰਹੇ...

ਅਜੀਤ ਡੈਸਕ 14-10-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 14 ਅਕਤੂਬਰ (ਕਪਿਲ ਕੰਧਾਰੀ) - ਪੰਜਾਬ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੇ ਵਧ ਰਹੇ ਕਾਰੋਬਾਰ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਹਲਕਾ ਗੁਰੂ ਹਰ ਸਹਾਏ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਹਲਕਾ ਵਾਸੀਆਂ, ਦੁਕਾਨਦਾਰਾਂ ਅਤੇ ਵਪਾਰੀ ਭਾਈਚਾਰੇ ਨੂੰ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ ਹੈ।ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਬੇਹੱਦ ਮੰਦਭਾਗੀ ਹੈ। ਇਹ ਘਟਨਾ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਾ ਤਸਕਰਾਂ ਦੇ ਹੌਸਲਿਆਂ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਦਾ ਇਸ ਤਰ੍ਹਾਂ ਕਤਲ ਹੋ ਜਾਣਾ ਸੂਬੇ ਲਈ ਚਿੰਤਾ ਦਾ ਵਿਸ਼ਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰੇ ਅਤੇ ਇਸ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਦਿਵਾਇਆ ਜਾਵੇ।ਨੋਨੀ ਮਾਨ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਜੇਕਰ ਸੂਬੇ ਵਿਚ ਨਸ਼ਿਆਂ ਵਿਰੁੱਧ ਅਸਲ ਵਿਚ ਪ੍ਰਭਾਵਸ਼ਾਲੀ ਕਾਰਵਾਈ ਹੋ ਰਹੀ ਹੁੰਦੀ ਤਾਂ ਅਜਿਹੀਆਂ ਘਟਨਾਵਾਂ ਨਹੀਂ ਵਾਪਰਦੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਮੁਹਿੰਮਾਂ ਅਤੇ ਐਲਾਨਾਂ ਤੱਕ ਸੀਮਤ ਰਹਿਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।ਉਨ੍ਹਾਂ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੰਦਿਆਂ ਤਿੰਨ ਮੁੱਖ ਮੰਗਾਂ ਰੱਖੀਆਂ ਗਈਆਂ ਹਨ। ਇਨ੍ਹਾਂ ਵਿਚ ਪੰਜਾਬ ਦੇ ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਦੇ ਅਸਤੀਫ਼ੇ ਦੀ ਮੰਗ, ਪੰਜਾਬ ਦੇ ਡੀ.ਜੀ.ਪੀ. ਦੀ ਤਬਦੀਲੀ ਅਤੇ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਸ਼ਾਮਲ ਹੈ।
ਨੋਨੀ ਮਾਨ ਨੇ ਪੰਜਾਬ ਵਾਸੀਆਂ ਅਤੇ ਹਲਕਾ ਗੁਰੂ ਹਰ ਸਹਾਏ ਦੀ ਸਮੂਹ ਸੰਗਤ, ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ 15 ਅਕਤੂਬਰ ਨੂੰ ਆਪਣੇ ਕਾਰੋਬਾਰ ਬੰਦ ਰੱਖ ਕੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਇਹ ਵਿਰੋਧ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨਾਲ ਜ਼ਬਰਦਸਤੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ, ਅਮਨ-ਕਾਨੂੰਨ ਦੀ ਸਥਿਤੀ ਵਿਚ ਸੁਧਾਰ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ਨੂੰ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ।

ਪਿਛਲੀ ਖ਼ਬਰ ਰਿਸ਼ਵਤਖੋਰੀ ਦੇ ਮਾਮਲੇ ਵਿਚ ਸੀ.ਬੀ.ਆਈ. ਵਲੋਂ ਨਿੱਜੀ ਕੰਪਨੀ ਦੇ ਕਾਰਜਕਾਰੀ ਨਿਰਦੇਸ਼ਕ ਸਣੇ 3 ਗ੍ਰਿਫ਼ਤਾਰ, 2.23 ਕਰੋੜ ਦ... ਅਗਲੀ ਖ਼ਬਰ ਕੱਲ੍ਹ ਪੰਜਾਬ ਬੰਦ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਜਲੰਧਰ ਦੇ ਕਈ ਸਕੂਲਾਂ ਚ ਛੁੱਟੀ ਦਾ ਐਲਾਨ