ਅਜਨਾਲਾ (ਅੰਮ੍ਰਿਤਸਰ), 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਨੂੰ ਲੈ ਕੇ ਦਿੱਤੇ ਬਿਆਨ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖ਼ਾਹੀਆ ਕਰਾਰ ਦੇਣ ਤੇ ਵੀ ਆਪਣਾ ਪੱਖ ਰੱਖਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਸਰਵਉੱਚ ਹੈ।
ਵਿਧਾਇਕ ਸ. ਧਾਲੀਵਾਲ ਅੱਜ ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 4 'ਚ ਸ਼ਹਿਰੀ ਪ੍ਰਧਾਨ ਅਮਿੱਤ ਔਲ਼ ਅਤੇ ਵਾਰਡ ਇੰਚਾਰਜ ਸੁੱਖ ਨਿੱਝਰ ਦੀ ਸਾਂਝੀ ਅਗਵਾਈ 'ਚ 'ਮਾਨ ਦੇ ਮੁਨਾਫ਼ੇ' ਮੁਹਿੰਮ ਤਹਿਤ ਵਾਰਡ ਵਾਸੀਆਂ ਨੂੰ ਸਰਕਾਰ ਦੀਆਂ ਸਕੀਮਾਂ ਤੋਂ ਜਾਣੂੰ ਕਰਵਾਉਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ. ਧਾਲੀਵਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਸਵਾਲ ਚੁੱਕਣ ਤੋਂ ਪਹਿਲਾਂ ਇਹ ਦੱਸਣਾ ਚਾਹੀਦਾ ਹੈ ਕਿ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੇਂਦਰ ਸਰਕਾਰ ਨੇ ਪੰਜਾਬ ਦੀ ਕੀ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ 532 ਕਿੱਲੋਮੀਟਰ ਸਰਹੱਦ ਰਾਹੀਂ ਡਰੋਨਾਂ ਦੀ ਮਦਦ ਨਾਲ ਨਸ਼ੇ ਅਤੇ ਹਥਿਆਰ ਭੇਜਣ ਦੀਆਂ ਕੋਸ਼ਿਸ਼ਾਂ ਹੁੰਦੀਆਂ ਹਨ, ਜਿਸ ਨੂੰ ਰੋਕਣ ਲਈ ਐਂਟੀ-ਡਰੋਨ ਪ੍ਰਣਾਲੀ ਅਤੇ ਲੋੜੀਂਦੇ ਫ਼ੰਡ ਮੁਹੱਈਆ ਕਰਵਾਉਣਾ ਕੇਂਦਰ ਦੀ ਅਹਿਮ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਨਸ਼ਿਆਂ ਵਿਰੁੱਧ ਲੜਾਈ ਵਿਚ ਠੋਸ ਸਹਿਯੋਗ ਦੇਣਾ ਚਾਹੀਦਾ ਹੈ। 'ਆਪ' ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦੇਣ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਵਉੱਚ ਤਖ਼ਤ ਹੈ ਅਤੇ ਇਸ ਦੀ ਮਾਣ-ਮਰਿਆਦਾ ਨੂੰ ਉਹ ਹਮੇਸ਼ਾ ਸਿਰਮੱਥੇ ਰੱਖਣਗੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਗੇ ਪੇਸ਼ ਹੋਏ ਸਨ ਅਤੇ ਮੀਟਿੰਗ ਸੁਖਾਵੇਂ ਮਾਹੌਲ ਵਿਚ ਹੋਈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਅਤੇ ਸਰਵਉੱਚਤਾ ਨੂੰ ਸਵੀਕਾਰ ਕਰਨਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ।