ਖੰਨਾ, 1 ਨਵੰਬਰ-ਖੰਨਾ ਵਿਚ ਦੋਸਤੀ ਦੇ ਰਿਸ਼ਤੇ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਨੌਜਵਾਨ ਨੇ ਮੋਬਾਈਲ ਫੋਨ ਦੇ ਝਗੜੇ ਨੂੰ ਲੈ ਕੇ ਆਪਣੇ ਹੀ ਦੋਸਤ ਦਾ ਕਤਲ ਕਰ ਦਿੱਤਾ। ਦੋਵਾਂ ਵਿਚਾਲੇ ਫੋਨ ਨੂੰ ਲੈ ਕੇ ਹੋਈ ਬਹਿਸ ਦੌਰਾਨ ਮੁਲਜ਼ਮ ਨੇ ਇੱਟ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਖੰਨਾ ਪੁਲਿਸ ਨੇ ਕੁਝ ਹੀ ਘੰਟਿਆਂ ਵਿਚ ਮਾਮਲੇ ਦੀ ਗੁੱਥੀ ਸੁਲਝਾਉਂਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮ੍ਰਿਤਕ ਦੀ ਪਛਾਣ 22 ਸਾਲਾ ਸਚਿਨ ਪਾਸਵਾਨ ਵਜੋਂ ਹੋਈ ਹੈ, ਜੋ ਖੰਨਾ ਦਾ ਰਹਿਣ ਵਾਲਾ ਸੀ। ਕਤਲ ਦੇ ਦੋਸ਼ ਹੇਠ ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਹਰਮਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਦੋਸਤ ਸਨ ਅਤੇ ਇਕੱਠੇ ਮਜ਼ਦੂਰੀ ਦਾ ਕੰਮ ਕਰਦੇ ਸਨ।
ਖੰਨਾ ਦੇ ਡੀ.ਐੱਸ.ਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਇਕ ਨੌਜਵਾਨ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਸੀ। ਭਾਲ ਦੌਰਾਨ ਉਸ ਦੀ ਲਾਸ਼ ਮਿਡ ਮਾਰਕੀਟ ਇਲਾਕੇ ਦੀਆਂ ਝਾੜੀਆਂ ਵਿਚੋਂ ਬਰਾਮਦ ਹੋਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।
ਜਾਂਚ ਦੌਰਾਨ ਪੁਲਿਸ ਨੇ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਗਾਲੀ, ਜਿਸ ਦੇ ਆਧਾਰ 'ਤੇ ਮੁਲਜ਼ਮ ਤੱਕ ਪਹੁੰਚਣ ਵਿਚ ਸਫ਼ਲਤਾ ਮਿਲੀ। ਪੁੱਛਗਿੱਛ ਦੌਰਾਨ ਮੋਬਾਈਲ ਫੋਨ ਨੂੰ ਲੈ ਕੇ ਹੋਏ ਝਗੜੇ ਅਤੇ ਕਤਲ ਦੇ ਮਾਮਲੇ ਦਾ ਖੁਲਾਸਾ ਹੋਇਆ।
ਪੁਲਿਸ ਨੇ ਮੁਲਜ਼ਮ ਹਰਮਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀ.ਐੱਸ.ਪੀ ਨੇ ਦੱਸਿਆ ਕਿ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਨਸ਼ੇ ਦੇ ਪੱਖ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ।