ਲੇਹ-ਲੱਦਾਖ ਤੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਮੁੱਖ ਮੰਤਰੀ ਨੂੰ ਸੌਂਪਿਆ ਮੰਗ ਪੱਤਰ, ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਤੇ ਸੰਸਦ ਮੈਂਬਰਾਂ ਤੱਕ ਪਹੁੰਚ ਕਰਨਗੇ
ਕਰਨਾਲ, 5 ਨਵੰਬਰ (ਗੁਰਮੀਤ ਸਿੰਘ ਸੱਗੂ)-ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਨੂੰ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਡਾ ਨੇ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਲੜੀ ਤਹਿਤ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਅਤੇ ਦੇਸ਼ ਭਰ ਦੇ ਗੁਰਦੁਆਰਿਆਂ ਲਈ ਇਕ ਸਾਂਝਾ ਕਾਨੂੰਨ ਬਣਾਉਣ ਦੀ ਲੋੜ ਬਾਰੇ ਵਿਸਥਾਰ ਨਾਲ ਚਰਚਾ ਕੀਤੀ।
ਜਥੇਦਾਰ ਝੀਡਾ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਥਿਤ ਪ੍ਰਮੁੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਸੁਚਾਰੂ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਕ ਸਾਂਝਾ ਕਾਨੂੰਨ ਲਾਗੂ ਹੋਣ ਨਾਲ ਗੁਰਦੁਆਰਿਆਂ ਦੇ ਪ੍ਰਬੰਧ ਵਿਚ ਇਕਸਾਰਤਾ ਲਿਆਂਦੀ ਜਾ ਸਕੇਗੀ।
ਉਨ੍ਹਾਂ ਦੱਸਿਆ ਕਿ ਇਸ ਮੰਗ ਨੂੰ ਸੰਸਦ ਤੱਕ ਪਹੁੰਚਾਉਣ ਲਈ ਉਹ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ, ਸੰਸਦ ਮੈਂਬਰਾਂ ਅਤੇ ਹੋਰ ਜਨਤਕ ਨੁਮਾਇੰਦਿਆਂ ਨੂੰ ਮੰਗ ਪੱਤਰ ਸੌਂਪਣਗੇ। ਇਹ ਮੁਹਿੰਮ ਉਨ੍ਹਾਂ ਵਲੋਂ ਲੇਹ-ਲੱਦਾਖ ਤੋਂ ਸ਼ੁਰੂ ਕੀਤੀ ਗਈ ਸੀ, ਜਿੱਥੇ ਉਨ੍ਹਾਂ ਨੇ ਉੱਥੋਂ ਦੇ ਉਪ ਰਾਜਪਾਲ ਨੂੰ ਵੀ ਮੰਗ ਪੱਤਰ ਦਿੱਤਾ ਸੀ।
ਜਥੇਦਾਰ ਝੀਡਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਵੀ ਇਸ ਸਬੰਧੀ ਮੰਗ ਪੱਤਰ ਸੌਂਪਿਆ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਦੇਸ਼ ਭਰ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣਾ ਹੈ।