ਅਮਰਗੜ੍ਹ (ਬਠਿੰਡਾ), 6 ਨਵੰਬਰ (ਜਤਿੰਦਰ ਮੰਨਵੀ)- ਮਾਰਕੀਟ ਕਮੇਟੀ ਅਮਰਗੜ੍ਹ ਅਧੀਨ ਪੈਂਦੀ ਢਢੋਗਲ ਮੰਡੀ 'ਚ ਪਿਛਲੇ ਕਰੀਬ ਇਕ ਹਫ਼ਤੇ ਤੋਂ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ ਵਿਚ ਝੋਨਾ ਰੱਖਣ ਲਈ ਜਗ੍ਹਾ ਤੱਕ ਨਹੀਂ ਬਚੀ, ਜਿਸ ਕਾਰਨ ਕਿਸਾਨਾਂ ਨੂੰ ਮਜ਼ਬੂਰੀਵੱਸ ਆਪਣੀ ਫ਼ਸਲ ਪਿੰਡ ਦੀਆਂ ਸੜਕਾਂ ਤੇ ਖਿਲਾਰਨੀ ਪੈ ਰਹੀ ਹੈ। ਹਾਲਾਤ ਇਹ ਹਨ ਕਿ ਪਿੰਡ ਦੇ ਸਿਹਤ ਕੇਂਦਰ, ਸਰਕਾਰੀ ਸਕੂਲ, ਬੱਸ ਸਟੈਂਡ ਅਤੇ ਗੁਰਦੁਆਰਾ ਸਾਹਿਬ ਦੇ ਬਾਹਰ ਵੀ ਝੋਨੇ ਦੇ ਅੰਬਾਰ ਲੱਗੇ ਹੋਏ ਹਨ।
ਬੋਲੀ ਬੰਦ ਰਹਿਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆਪਣੀ ਫ਼ਸਲ ਦੀ ਖਰੀਦ ਅਤੇ ਚੁਕਾਈ ਨਾ ਹੋਣ ਦਾ ਡਰ ਸਤਾਉਣ ਲੱਗਾ ਹੈ। ਇਸ ਸਬੰਧੀ ਆੜ੍ਹਤੀ ਹਰਿੰਦਰਜੀਤ ਸਿੰਘ, ਰਣਧੀਰ ਸਿੰਘ, ਤੁਸ਼ੀਲ ਗੋਇਲ, ਅਮਨਦੀਪ ਦਾਸ, ਮਲਕੀਤ ਦਾਸ ਅਤੇ ਹਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਇਕ ਹਫ਼ਤੇ ਤੋਂ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਨਹੀਂ ਕੀਤੀ ਗਈ, ਜਿਸ ਕਾਰਨ ਮੰਡੀ ਵਿਚ ਫ਼ਸਲ ਦੇ ਢੇਰ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀ ਇਹ ਕਹਿ ਕੇ ਪੱਲਾ ਝਾੜ ਰਹੇ ਹਨ ਕਿ 1.5 ਲੱਖ ਗੱਟੇ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਹੁਣ ਹੋਰ ਝੋਨਾ ਨਹੀਂ ਖਰੀਦਿਆ ਜਾਵੇਗਾ।
ਆੜ੍ਹਤੀਆਂ ਨੇ ਦੱਸਿਆ ਕਿ ਇਸ ਵਾਰ ਝੋਨੇ ਦੀ ਪੈਦਾਵਾਰ ਬੰਪਰ ਹੋਈ ਹੈ। ਇਸ ਤੋਂ ਇਲਾਵਾ ਮੰਡੀ ਵਿਚ ਦੋ ਨਵੇਂ ਆੜ੍ਹਤੀਆਂ ਦੇ ਆਉਣ ਕਾਰਨ ਆਲੇ-ਦੁਆਲੇ ਦੇ ਕਈ ਪਿੰਡਾਂ ਤੋਂ ਵੀ ਵੱਡੀ ਮਾਤਰਾ ਵਿਚ ਝੋਨਾ ਵਿਕਣ ਲਈ ਆ ਰਿਹਾ ਹੈ ਤੇ ਖਰੀਦ ਨਾ ਹੋਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਕਿਸਾਨ ਮੇਜਰ ਸਿੰਘ, ਸੁਰਿੰਦਰ ਸਿੰਘ, ਚਰਨਜੀਤ ਸਿੰਘ, ਜਗਰੂਪ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ ਅਤੇ ਜਗਤਾਰ ਸਿੰਘ ਸਮੇਤ ਹੋਰ ਕਿਸਾਨਾਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਉਹ ਪੁੱਤਾਂ ਵਾਂਗ ਪਾਲ ਕੇ ਫ਼ਸਲ ਤਿਆਰ ਕਰਦੇ ਹਨ, ਪਰ ਮੰਡੀਆਂ ਵਿਚ ਵੇਚਣ ਸਮੇਂ ਉਨ੍ਹਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਹੈ।
ਆੜ੍ਹਤੀਆਂ ਅਤੇ ਕਿਸਾਨਾਂ ਨੇ ਆਖਿਆ ਕਿ ਜੇਕਰ ਮੰਡੀ ਵਿਚ ਜਲਦ ਖ਼ਰੀਦ ਸ਼ੁਰੂ ਨਾ ਕੀਤੀ ਗਈ ਅਤੇ ਲਿਫ਼ਟਿੰਗ ਨਾ ਕਰਵਾਈ ਗਈ, ਤਾਂ ਉਨ੍ਹਾਂ ਨੂੰ ਮਜ਼ਬੂਰਨ ਧਰਨਾ ਦੇ ਕੇ ਹਾਈਵੇ ਜਾਮ ਕਰਨਾ ਪਵੇਗਾ। ਦੂਜੇ ਪਾਸੇ, ਇਸ ਸਬੰਧੀ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨੇ ਫ਼ੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ। ਜਦਕਿ ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਗੁਰਪ੍ਰੀਤ ਸਿੰਘ ਕੰਗ ਨੇ ਦੱਸਿਆ ਕਿ ਢਢੋਗਲ ਮੰਡੀ ਵਿਚ ਹੁਣ ਤੱਕ 1.5 ਲੱਖ ਗੱਟੇ ਝੋਨੇ ਦੀ ਖਰੀਦ ਹੋਈ ਹੈ। ਪਹਿਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਮੰਡੀ ਵਿਚ ਝੋਨਾ ਜਿਆਦਾ ਆਉਣ ਕਾਰਨ ਸਬੰਧਤ ਇੰਸਪੈਕਟਰਾਂ ਤੋਂ ਰਿਪੋਰਟ ਮੰਗੀ ਗਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਮਾਮਲੇ ਦਾ ਜਲਦ ਹੱਲ ਕਰ ਦਿੱਤਾ ਜਾਵੇਗਾ।