ਰਾਮ ਤੀਰਥ (ਅੰਮ੍ਰਿਤਸਰ), 6 ਨਵੰਬਰ (ਧਰਵਿੰਦਰ ਸਿੰਘ ਔਲਖ)- ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।
ਪੁਲਿਸ ਨੇ ਇਸ ਮਾਮਲੇ ਵਿਚ ਇਕ ਨਾਬਾਲਗ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 36 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਕਥਿਤ ਤੌਰ ’ਤੇ ਮੁਲਜ਼ਮ ਵਿਦੇਸ਼ ਵਿਚ ਬੈਠੇ ਇਕ ਹੈਂਡਲਰ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਉਹ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਲੋਪੋਕੇ ਇਲਾਕੇ ਵਿਚੋਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਅੱਗੇ ਵੱਖ-ਵੱਖ ਵਿਅਕਤੀਆਂ ਤੱਕ ਨਸ਼ੇ ਦੀ ਸਪਲਾਈ ਕਰਦੇ ਸਨ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੀਆਂ ਅਗਲੀਆਂ ਅਤੇ ਪਿਛਲੀਆਂ ਕੜੀਆਂ ਦਾ ਪਤਾ ਲਗਾਇਆ ਜਾ ਸਕੇ।