ਸੁਲਤਾਨਵਿੰਡ (ਅੰਮ੍ਰਿਤਸਰ), 13 ਨਵੰਬਰ (ਗੁਰਨਾਮ ਸਿੰਘ ਬੁੱਟਰ)- ਪੁਲਿਸ ਥਾਣਾ ਸੁਲਤਾਨਵਿੰਡ ਅਧੀਨ ਆਉਂਦੇ ਇਲਾਕੇ ਪੰਜਾਬੀ ਬਾਗ, ਤਰਨਤਾਰਨ ਰੋਡ ਵਿਖੇ ਇਕ ਦੁਖਦਾਈ ਘਟਨਾ ਵਾਪਰਨ ਨਾਲ ਏ.ਐੱਸ.ਆਈ. ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਉਹ ਆਪਣੀ ਰਿਹਾਇਸ਼ ਤੋਂ ਡਿਊਟੀ ’ਤੇ ਜਾਣ ਦੀ ਤਿਆਰੀ ਕਰ ਰਹੇ ਸਨ ਕਿ ਉਨ੍ਹਾਂ ਕੋਲ ਮੌਜੂਦ ਏ.ਕੇ.-47 ਰਾਈਫਲ ਵਿਚੋਂ ਅਚਾਨਕ ਗੋਲੀ ਚੱਲ ਗਈ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਏ.ਐੱਸ.ਆਈ. ਜੋਗਿੰਦਰ ਸਿੰਘ ਅੰਮ੍ਰਿਤਸਰ ਦੇ ਸਾਹਿਲ ਮਹਾਜਨ ਦੇ ਗੰਨਮੈਨ ਵਜੋਂ ਆਪਣੀ ਡਿਊਟੀ ਨਿਭਾਅ ਰਹੇ ਸਨ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਅਰਜਨ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ।
ਪੁਲਿਸ ਵਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਗੋਲੀ ਚੱਲਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।