ਕਪੂਰਥਲਾ, 18 ਨਵੰਬਰ - (ਅਮਨਜੋਤ ਸਿੰਘ ਵਾਲੀਆ) - ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ ਹੈ। ਇਸੇ ਲੜੀ ਤਹਿਤ ਅੱਜ ਵੀ ਸਿਵਲ ਸਰਜਨ ਦਫਤਰ ਕਪੂਰਥਲਾ ਵਿਖੇ ਜ਼ਿਲ੍ਹੇ ਦੇ ਸਮੂਹ ਕਰਮਚਰੀਆਂ ਵਲੋਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਇਸ ਮੋਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਐਨ.ਐੱਚ.ਐਮ. ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ 'ਤੇ ਕੰਮ ਕਰ ਰਹੇ ਹਨ।ਮੌਜੂਦਾ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕਰਮਚਾਰੀਆਂ ਨੂੰ ਪੱਕੇ ਕਰਨ ਅਤੇ ਤਨਖਾਹਾਂ ਵਿਚ ਵਾਧਾ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤਾ ਵਿਚ ਆਉਣ ਤੋਂ ਬਾਅਦ ਉਕਤ ਸਾਰੇ ਵਾਅਦੇ ਭੁੱਲ ਗਏ।
ਯੂਨੀਅਨ ਆਗੂਆਂ ਨੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀ,ਬਰਾਬਰ ਕੰਮ ਬਰਾਬਰ ਤਨਖਾਹ ਲਾਗੂ , ਰਿਟਾਇਰਮੈਂਟ ਉਮਰ 62 ਸਾਲ ਕਰਨ ਤੋਂ ਇਲਾਵਾ ਸਰਕਾਰ ਪਾਸੋਂ ਉਨ੍ਹਾਂ ਦੀਆਂ ਹੋਰ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਕਿ ਸਰਕਾਰ ਤੋਂ ਅੱਕ ਤੇ ਥੱਕ ਚੁੱਕੇ ਮੁਲਾਜ਼ਮਾਂ ਵਲੋਂ ਹੁਣ ਸਿਹਤ ਮੰਤਰੀ ਦੀ ਰਿਹਾਇਸ਼ 'ਤੇ ਪੱਕੇ ਧਰਨੇ ਸਮੂਹ ਐਨ.ਐੱਚ.ਐਮ. ਕਰਮਚਾਰੀਆਂ ਵਲੋਂ ਸ਼ੁਰੂ ਕਰ ਦਿੱਤੇ ਜਾਣਗੇ।