ਨਵੀਂ ਦਿੱਲੀ, 29 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰਾਂ ਦੇ ਵਿੱਤ ਮੰਤਰੀਆਂ ਦੀ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵਸਤਾਂ ਤੇ ਸੇਵਾਵਾਂ ਕਰ (ਜੀ. ਐਸ. ਟੀ.) ਰੇਟ ਤਰਕਸੰਗਤ ਬਣਾਉਣ ਦੇ ਮੌਜੂਦਾ ਪ੍ਰਸਤਾਵ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਢਾਅ ਲੱਗਣ ਤੋਂ ਬਚਾਉਣ ਲਈ ਢੁਕਵੇਂ ਮੁਆਵਜੇ ਦੀ ਵਿਵਸਥਾ ਕਰੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਉਪਾਅ ਦਾ ਫਾਇਦਾ ਮਹਿੰਗਾਈ ਦਾ ਸਾਹਮਣਾ ਕਰ ਰਹੇ ਦੇਸ਼ ਦੇ ਗਰੀਬ ਲੋਕਾਂ ਨੂੰ ਪਹੁੰਚੇ ਨਾ ਕਿ ਕਾਰਪੋਰੇਟ ਅਦਾਰਿਆਂ ਨੂੰ | ਉਨ੍ਹਾਂ ਜ਼ੋਰ ਦਿੱਤਾ ਕਿ ਕੀਮਤਾਂ ਦੀ ਤਰਕਸੰਗਕਤਾ ਦਾ ਮੌਜੂਦਾ ਪ੍ਰਸਤਾਵ ਜੇਕਰ ਆਮਦਨ ਘਾਟੇ ਨੂੰ ਪੂਰਨ ਲਈ ਮੁਆਵਜ਼ੇ ਦੀ ਵਿਵਸਥਾ ਤੋਂ ਬਿਨਾਂ ਲਾਗੂ ਹੁੰਦਾ ਹੈ ਤਾਂ ਰਾਜਾਂ ਦੀ ਵਿੱਤੀ ਅਸਥਿਰਤਾ ਦਾ ਕਾਰਨ ਬਣੇਗਾ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਵੀ ਨੁਕਸਾਨ ਪਹੁੰਚੇਗਾ, ਜੋ ਪ੍ਰਵਾਨਯੋਗ ਨਹੀਂ ਹੈ |