ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਫਸੇ ਵੱਡੀ ਗਿਣਤੀ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਕਈ ਏਜੰਸੀਆਂ ਨੇ ਹੱਥ ਮਿਲਾਇਆ ਹੈ | ਵੱਖ-ਵੱਖ ਕੇਂਦਰੀ ਏਜੰਸੀਆਂ ਪਿਛਲੇ ਕੁਝ ਦਿਨਾਂ ਤੋਂ ਰਾਜ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਡੁੱਬੇ ਇਲਾਕਿਆਂ ਤੋਂ ਫਸੇ ਲੋਕਾਂ ਨੂੰ ਕੱਢਣ ਲਈ ਅਣਥੱਕ ਕੰਮ ਕਰ ਰਹੀਆਂ ਹਨ | ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਬੇਨਤੀ 'ਤੇ ਫੌਜ, ਸੀਮਾ ਸੁਰੱਖਿਆ ਬਲ, ਭਾਰਤੀ ਹਵਾਈ ਫੌਜ ਤੇ ਰਾਸ਼ਟਰੀ ਆਫ਼ਤ ਪ੍ਰਬੰਧਨ ਬਲ ਵੱਡੇ ਪੱਧਰ 'ਤੇ ਬਚਾਅ ਕਾਰਜ ਚਲਾ ਰਹੇ ਹਨ | ਪ੍ਰਭਾਵਿਤ ਇਲਾਕਿਆਂ 'ਚੋਂ ਕੱਢੇ ਲੋਕਾਂ ਨੂੰ ਰਾਹਤ ਕੈਂਪਾਂ 'ਚ ਭੇਜਿਆ ਜਾ ਰਿਹਾ ਹੈ, ਜਿੱਥੇ ਭੋਜਨ, ਦਵਾਈਆਂ ਤੇ ਹੋਰ ਰਾਹਤ ਸਮੱਗਰੀ ਦੀ ਭਰਪੂਰ ਉਪਲਬਧਤਾ ਦਾ ਪ੍ਰਬੰਧ ਕੀਤਾ ਗਿਆ ਹੈ | ਫੌਜ ਨੇ ਪ੍ਰਭਾਵਿਤ ਖੇਤਰਾਂ ਤੋਂ ਕਈ ਲੋਕਾਂ ਨੂੰ ਬਚਾਇਆ ਹੈ | ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਕਪੂਰਥਲਾ, ਤਰਨ ਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ ਤੇ ਅੰਮਿ੍ਤਸਰ ਤੋਂ ਬਾਅਦ ਭਾਰੀ ਮੀਂਹ ਕਾਰਨ ਪਟਿਆਲਾ 'ਚ ਵੀ ਹੜ੍ਹਾਂ ਦੀ ਚਿਤਾਵਨੀ ਜਾਰੀ ਹੋ ਗਈ ਹੈ |