ਚੰਡੀਗੜ੍ਹ, 29 ਅਗਸਤ (ਅਜੀਤ ਬਿਊਰੋ)-ਪੰਜਾਬ ਪੁਲਿਸ, ਫ਼ੌਜ, ਸੀਮਾ ਸੁਰੱਖਿਆ ਬਲ (ਬੀ.ਐਸ.ਐਫ.), ਕੌਮੀ ਆਫ਼ਤ ਰਾਹਤ ਬਲ (ਐਨ. ਡੀ. ਆਰ. ਐਫ.), ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸ.ਡੀ.ਆਰ.ਐਫ.) ਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਮਿਲ ਕੇ ਕੰਮ ਕਰ ਰਹੀਆਂ ਹਨ ਤੇ ਹੁਣ ਤੱਕ 7689 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚੋਂ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ | ਵਿਸ਼ੇਸ਼ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਕੈਂਪ ਸਥਾਪਿਤ ਕੀਤੇ ਹਨ, ਜਿੱਥੇ ਭੋਜਨ ਤੇ ਦਵਾਈਆਂ ਦੇ ਲੰਗਰ ਲਾਏ ਗਏ ਹਨ ਤੇ ਪਸ਼ੂਆਂ ਲਈ ਚਾਰਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ | ਲੋਕਾਂ ਨੂੰ ਕੱਢਣ ਤੇ ਖਾਣੇ ਦੇ ਪੈਕੇਟ ਤੇ ਹੋਰ ਜ਼ਰੂਰੀ ਚੀਜ਼ਾਂ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ 'ਚੋਂ ਕੱਢਣ ਤੇ ਸੁਰੱਖਿਅਤ ਥਾਵਾਂ 'ਤੇ ਲਿਜਾਣ ਲਈ ਭਾਰਤੀ ਫ਼ੌਜ ਦੇ 20 ਹੈਲੀਕਾਪਟਰ ਰਾਜ 'ਚ ਤਾਇਨਾਤ ਹਨ |