ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰ: 38 'ਚ 30 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ | ਉਨ੍ਹਾਂ ਕਿਹਾ ਕਿ ਸ਼ਹਿਰ 'ਚ ਪਹਿਲੀ ਵਾਰ ਐਨੇ ਵੱਡੇ ਪੱਧਰ 'ਤੇ 43 ਟਿਊਬਵੈੱਲ ਲਗਾਏ ਜਾ ਰਹੇ ਹਨ, ਜਿਸ ਨਾਲ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ | ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਤੇ ਨਗਰ ਨਿਗਮ ਦੀ ਤਰਜੀਹ ਲੋਕਾਂ ਤੱਕ ਸਾਰੀਆਂ ਬੁਨਿਆਦੀ ਸਹੂਲਤਾਂ ਸਮੇਂ ਸਿਰ ਪਹੁੰਚਾਉਣਾ ਹੈ | ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਪੂਰਾ ਹੋਣ ਨਾਲ ਸ਼ਹਿਰ ਦੇ ਨਾਗਰਿਕਾਂ ਨੂੰ ਪਾਣੀ ਦੀ ਸਪਲਾਈ ਵਿਚ ਸਥਾਈ ਸੁਧਾਰ ਆਵੇਗਾ ਤੇ ਗਰਮੀਆਂ ਦੇ ਮੌਸਮ ਦੌਰਾਨ ਪਾਣੀ ਦੀ ਕਮੀ ਦੀ ਸਮੱਸਿਆ ਦੂਰ ਹੋਵੇਗੀ | ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਿਕਾਸ ਕਾਰਜਾਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਜਨਤਾ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ | ਇਸ ਮੌਕੇ ਉਨ੍ਹਾਂ ਨਗਰ ਨਿਗਮ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨਿਗਮ ਅਧਿਕਾਰੀਆਂ ਤੇ ਜਨ ਪ੍ਰਤੀਨਿਧੀਆਂ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਨੂੰ ਆਧੁਨਿਕ ਅਤੇ ਸੁਵਿਧਾਵਾਂ ਪੱਖੋਂ ਮੁਕੰਮਲ ਸ਼ਹਿਰ ਬਣਾਇਆ ਜਾਵੇਗਾ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਮੋਨਿਕਾ ਵਰਮਾ, ਕੌਂਸਲਰ ਪ੍ਰਦੀਪ ਬਿੱਟੂ, ਗੋਪਾਲ ਵਰਮਾ, ਸੁਦਰਸ਼ਨ ਧੀਰ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ |