ਬਲਾਚੌਰ, 20 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਉੱਪ ਮੰਡਲ ਬਲਾਚੌਰ 'ਚ ਝੋਨੇ ਦੀ ਖ਼ਰੀਦ ਦੇ ਮੱਦੇਨਜ਼ਰ ਐਸ. ਡੀ. ਐਮ. ਕਿ੍ਤਿਕਾ ਗੋਇਲ ਨੇ ਕਰਾਵਰ, ਸਾਹਿਬਾ ਤੇ ਸੜੋਆ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਸੰਬੰਧੀ ਪ੍ਰਬੰਧਾਂ ਦਾ ਜਾਇਜਾ ਲਿਆ | ਸੰਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਐਸ. ਡੀ. ਐੱਮ. ਕਿ੍ਤਿਕਾ ਗੋਇਲ ਨੇ ਮੰਡੀਆਂ ਵਿਚਲੇ ਬੰਦੋਬਸਤ ਦੀ ਸਮੀਖਿਆ ਕਰਦਿਆਂ ਕਿਹਾ ਕਿ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਲਿਆਉਣ ਲਈ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਫ਼ਸਲ ਨੂੰ ਸਮੇਂ ਸਿਰ ਖ਼ਰੀਦ ਕੇ ਨਿਰਧਾਰਤ ਸਮੇਂ 'ਚ ਅਦਾਇਗੀਆਂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਸਾਨਾਂ ਨੂੰ ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ ਕੀਤੀ ਹੈ ਤਾਂ ਕਿ ਫ਼ਸਲ ਦੀ ਤੁਰੰਤ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਵਿਚਲੇ ਸਾਰੇ ਖਰੀਦ ਕੇਂਦਰਾਂ 'ਚ ਢੁੱਕਵੀਂ ਮਾਤਰਾ ਵਿਚ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤੇ ਬਾਰਦਾਨਾ ਵੀ ਲੋੜੀਂਦੀ ਗਿਣਤੀ ਵਿੱਚ ਉਪਲਬਧ ਹੈ |