ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਿਭਾਗ ਦੇ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਲਈ ਸੀ. ਐਸ. ਸਾਫ਼ਟ ਇਨਫੋਟੈਕ ਮੋਹਾਲੀ ਦਾ ਵਿਸ਼ੇਸ਼ ਉਦਯੋਗਿਕ ਦੌਰਾ ਕਰਵਾਇਆ ਗਿਆ | ਇਸ ਦੌਰੇ ਦੌਰਾਨ ਲਗਭਗ 100 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਦੌਰੇ ਦੌਰਾਨ ਸੀ.ਐਸ. ਸਾਫ਼ਟ ਇਨਫੋਟੈਕ ਦੇ ਪ੍ਰੋਜੈਕਟ ਮੈਨੇਜਰ ਰੋਹਿਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਕਰੀਅਰ ਕਾਊਾਸਲਿੰਗ, ਨਵੇਂ ਕਰੀਅਰ ਦੇ ਮੌਕੇ, ਹੁਨਰ ਵਿਕਾਸ ਅਤੇ ਆਈ.ਟੀ. ਖੇਤਰ ਵਿਚ ਨਵੀਨਤਮ ਤਕਨੀਕੀ ਵਿਕਾਸ ਆਦਿ ਵਿਸ਼ਿਆਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਆਈ.ਟੀ. ਉਦਯੋਗ ਵਿਚ ਮੌਜੂਦ ਰੁਝਾਨਾਂ ਸਬੰਧੀ ਵਡਮੁੱਲੀ ਸਿੱਖਿਆ ਪ੍ਰਦਾਨ ਕਰਨ ਵਿਚ ਸਹਾਇਕ ਸਿੱਧ ਹੁੰਦੇ ਹਨ | ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਰਸ਼ਮੀ ਅਰੋੜਾ ਨੇ ਕਿਹਾ ਕਿ ਵਿਭਾਗ ਵਲੋਂ ਸਮੇਂ-ਸਮੇਂ 'ਤੇ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਅਤੇ ਰੁਜ਼ਗਾਰ ਯੋਗਤਾ ਨੂੰ ਵਧਾਉਣ ਲਈ ਅਜਿਹੇ ਵਿੱਦਿਅਕ ਦੌਰਿਆਂ ਦਾ ਆਯੋਜਨ ਕੀਤਾ ਜਾਂਦਾ ਹੈ | ਇਸ ਦੌਰੇ ਦੌਰਾਨ ਅਧਿਆਪਕ ਇੰਚਾਰਜ ਡਾ. ਦਵਿੰਦਰ ਸਿੰਘ ਅਤੇ ਡਾ. ਮੁਕੇਸ਼ ਕੁਮਾਰ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ |