ਫ਼ਤਹਿਗੜ੍ਹ ਸਾਹਿਬ, 30 ਅਗਸਤ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪੰਜਾਬ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸੰਕਟਮਈ ਸਥਿਤੀ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਤੱਕ ਲੋੜੀਂਦੀ ਮਦਦ ਪਹੁੰਚਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਜਿਸ ਕਰਕੇ ਹੜ੍ਹ ਪ੍ਰਭਾਵਿਤ ਕਿਸਾਨ ਤੇ ਗ਼ਰੀਬ ਪਰਿਵਾਰ ਆਪਣੇ ਬੱਚਿਆਂ ਸਮੇਤ ਖੁੱਲ੍ਹੇ ਅਸਮਾਨ ਹੇਠ ਜੀਵਨ ਗੁਜ਼ਾਰਨ ਲਈ ਮਜਬੂਰ ਹਨ | ਡਾ. ਲਾਲ ਨੇ ਦੱਸਿਆ ਕਿ ਹੜ੍ਹਾਂ ਨੇ ਪੰਜਾਬ ਦੇ ਕਈ ਜ਼ਿਲਿ੍ਹਆਂ ਵਿਚ ਭਾਰੀ ਤਬਾਹੀ ਮਚਾਈ ਹੈ | ਕਿਸਾਨਾਂ ਦੇ ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਪਾਣੀ ਵਿਚ ਡੁੱਬਣ ਕਾਰਨ ਬਰਬਾਦ ਹੋ ਗਈਆਂ ਹਨ | ਪਿੰਡਾਂ ਵਿਚ ਸੈਂਕੜੇ ਘਰ ਢਹਿ ਢੇਰੀ ਹੋ ਗਏ ਹਨ | ਅਜਿਹੀ ਗੰਭੀਰ ਸਥਿਤੀ ਵਿਚ ਲੋਕਾਂ ਨੂੰ ਸਰਕਾਰ ਪਾਸੋਂ ਮਦਦ ਦੀਆਂ ਬਹੁਤ ਉਮੀਦਾਂ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਸਿਰਫ਼ ਦੌਰੇ ਕਰਨ ਅਤੇ ਤਸਵੀਰਾਂ ਖਿਚਵਾਉਣ ਤੱਕ ਹੀ ਸੀਮਤ ਰਹੇ ਹਨ | ਉਨ੍ਹਾਂ ਕਿਹਾ ਕਿ ਰਾਹਤ ਕੈਂਪਾਂ ਵਿਚ ਵੀ ਲੋਕਾਂ ਲਈ ਮੁੱਢਲੀਆਂ ਸਹੂਲਤਾਂ ਦੀ ਘਾਟ ਹੈ, ਜਦੋਂਕਿ ਆਮ ਆਦਮੀ ਪਾਰਟੀ ਦੇ ਆਗੂ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਕੁਦਰਤੀ ਆਫ਼ਤਾਂ ਸਮੇਂ ਮੁਰਗ਼ੀ, ਬੱਕਰੀ ਮਰਨ ਦੇ ਮੁਆਵਜ਼ੇ ਦੇਣ ਦੇ ਦਾਅਵੇ ਕਰਦੇ ਵੀ ਨਹੀਂ ਥੱਕਦੇ ਸਨ ਪਰ ਮੌਜੂਦਾ ਸਮੇਂ ਵਿਚ 'ਆਪ' ਸਰਕਾਰ ਹੜ੍ਹਾਂ ਦੇ ਪਾਣੀ ਵਿਚ ਮਰ ਰਹੇ ਇਨਸਾਨਾਂ ਦੀ ਸਾਰ ਵੀ ਨਹੀਂ ਲੈ ਰਹੀ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਮਾਲੀ ਸਹਾਇਤਾ ਦਿੱਤੀ ਜਾਵੇ, ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ, ਫ਼ਸਲਾਂ ਦੇ ਹੋਏ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇ | ਰਾਹਤ ਕੈਂਪਾਂ ਵਿਚ ਖਾਣ-ਪੀਣ, ਦਵਾਈਆਂ ਅਤੇ ਰਹਿਣ ਦੀ ਢੁਕਵੀਂ ਵਿਵਸਥਾ ਕੀਤੀ ਜਾਵੇ, ਤਾਂ ਜੋ ਪੰਜਾਬ ਦੇ ਕਿਸਾਨ ਤੇ ਆਮ ਪਰਿਵਾਰ ਮੁੜ ਆਪਣੀ ਜ਼ਿੰਦਗੀ ਪਟੜੀ 'ਤੇ ਲਿਆ ਸਕਣ |