ਖਮਾਣੋਂ, 20 ਸਤੰਬਰ (ਜੋਗਿੰਦਰ ਪਾਲ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਦਾਣਾ ਮੰਡੀ ਖਮਾਣੋਂ ਦਾ ਦੌਰਾ ਕੀਤਾ | ਉਨ੍ਹਾਂ ਦੱਸਿਆ ਕਿ ਦਾਣਾ ਮੰਡੀ ਵਿਖੇ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਪਰ ਕਿਸੇ ਵੀ ਖ਼ਰੀਦ ਏਜੰਸੀ ਦਾ ਅਧਿਕਾਰੀ ਝੋਨੇ ਦੀ ਖ਼ਰੀਦ ਕਰਨ ਲਈ ਨਹੀਂ ਪਹੁੰਚਿਆ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਕੀਤੇ ਜਾ ਰਹੇ ਦਾਅਵੇ ਬਿਲਕੁਲ ਖੋਖਲੇ ਸਾਬਤ ਹੋ ਰਹੇ ਹਨ ਕਿਉਂਕਿ ਸਰਕਾਰ ਨੇ ਝੋਨੇ ਦੀ ਖ਼ਰੀਦ 16 ਸਤੰਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ ਕਿਉਂਕਿ ਇਕ ਪਾਸੇ ਹਲਦੀ ਰੋਗ ਅਤੇ ਬੌਣੇ ਰੋਗ ਦੇ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਝਾੜ 10 ਤੋਂ 15 ਕੁਇੰਟਲ ਪ੍ਰਤੀ ਏਕੜ ਘੱਟ ਰਿਹਾ ਹੈ, ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਸੰਬੰਧੀ ਜਲਦੀ ਗਿਰਦਾਵਰੀਆਂ ਕਰਵਾ ਕੇ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ | ਉਨ੍ਹਾਂ ਮੰਗ ਕੀਤੀ ਕਿ ਦਾਣਾ ਮੰਡੀ ਵਿਚ ਖ਼ਰੀਦ ਦੇ ਪ੍ਰਬੰਧਾਂ 'ਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ | ਇਸ ਮੌਕੇ ਉਨ੍ਹਾਂ ਨਾਲ ਜਸਮੇਰ ਸਿੰਘ ਬਡਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ ਅਤੇ ਨਿਰਮਲ ਸਿੰਘ ਵਾਲੀਆ ਵੀ ਹਾਜ਼ਰ ਸਨ |