ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਬਲਜਿੰਦਰ ਸਿੰਘ)-ਬੀ.ਜੈੱਡ.ਐਫ਼.ਐਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਦੀ ਮੈਨੇਜਮੈਂਟ ਕਮੇਟੀ ਵਲੋਂ ਸਕੂਲ ਦੀ ਜਗ੍ਹਾ 'ਤੇ ਕੁਝ ਵਿਅਕਤੀਆਂ ਦੁਆਰਾ ਨਾਜਾਇਜ਼ ਕਬਜ਼ਾ ਕਰਨ ਦੇ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਦੱਸਿਆ ਕਿ 16 ਸਤੰਬਰ ਨੂੰ ਕੁਝ ਵਿਅਕਤੀਆਂ ਵਲੋਂ ਸਕੂਲ ਦੀ ਜਗ੍ਹਾ 'ਤੇ ਲੱਗੇ ਜਿੰਦਰੇ ਨੂੰ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜਿੱਥੇ ਸਕੂਲ ਕਮੇਟੀ ਵਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਸਾਈਕਲ ਸਟੈਂਡ ਬਣਾਉਣ ਲਈ ਮਤਾ ਪਾਸ ਕੀਤਾ ਹੋਇਆ ਹੈ | ਉਨ੍ਹਾਂ ਦੱਸਿਆ ਕਿ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਮਾਮਲਾ ਅਦਾਲਤ ਵਿਚ ਸੁਣਵਾਈ ਅਧੀਨ ਹੈ ਅਤੇ ਅਦਾਲਤ ਦੁਆਰਾ ਸਕੂਲ ਦੀਆਂ ਦੁਕਾਨਾਂ ਦੇ ਕਿਰਾਏਦਾਰਾਂ ਨੂੰ ਬਣਦਾ ਕਿਰਾਇਆ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਲ ਜਮਾਂ ਕਰਵਾਉਣ ਦਾ ਆਦੇਸ਼ ਵੀ ਦਿੱਤਾ ਹੋਇਆ ਹੈ | ਉਨ੍ਹਾਂ ਕਿਹਾ ਕਿ ਜਿਸ ਜਗ੍ਹਾ 'ਤੇ ਸਕੂਲ ਕਮੇਟੀ ਵਲੋਂ ਸਾਈਕਲ ਸਟੈਂਡ ਬਣਾਇਆ ਜਾਣਾ ਹੈ, ਉਸ ਦੇ ਸਾਹਮਣੇ ਕੁਝ ਦੁਕਾਨਦਾਰ ਬਾਥਰੂਮ ਬਣਾਉਣਾ ਚਾਹੁੰਦੇ ਹਨ, ਉਨ੍ਹਾਂ ਡਿਪਟੀ ਕਮਿਸ਼ਨਰ ਪਾਸੋਂ ਮੰਗ ਕੀਤੀ ਕਿ ਸਕੂਲ ਕਮੇਟੀ ਦੇ ਕੰਮਕਾਜ ਵਿਚ ਦਖ਼ਲ ਦੇਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਕੇ ਇਨਸਾਫ਼ ਦਿੱਤਾ ਜਾਵੇ | ਓਧਰ ਦੂਜੀ ਧਿਰ ਨਾਲ ਸੰਬੰਧਿਤ ਇਕ ਵਿਅਕਤੀ ਨੇ ਸਕੂਲ ਕਮੇਟੀ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਦੁਕਾਨਦਾਰਾਂ ਦੀ ਸਹੂਲਤ ਲਈ ਬਣੇ ਬਾਥਰੂਮ ਦੀ ਹਾਲਤ ਖਸਤਾ ਹੋ ਚੁੱਕੀ ਹੈ ਜਿਸ ਸਬੰਧੀ ਦੁਕਾਨਦਾਰਾਂ ਵਲੋਂ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਮੰਗ ਪੱਤਰ ਦੇ ਕੇ ਬਾਥਰੂਮ ਨੂੰ ਠੀਕ ਕਰਨ ਦੀ ਮੰਗ ਕੀਤੀ ਗਈ ਹੈ | ਜਿਸ ਸਬੰਧੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਮੌਕਾ ਦੇਖਿਆ ਅਤੇ ਦੁਕਾਨਦਾਰਾਂ ਦੀ ਮੰਗ 'ਤੇ ਬਾਥਰੂਮ ਬਣਾਉਣ ਲਈ ਉਕਤ ਵਿਵਾਦਿਤ ਜਗ੍ਹਾ 'ਤੇ ਉਹ ਜਿੰਦਰਾ ਲਗਾ ਕੇ ਚਾਬੀ ਲੈ ਗਏ ਹਨ |