ਦੀਨਾਨਗਰ, 29 ਅਗਸਤ (ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਕਾਲਜ ਦੀ ਪਿ੍ੰਸੀਪਲ ਡਾ: ਸਰਲਾ ਨਿਰੰਕਾਰੀ ਦੀ ਅਗਵਾਈ ਹੇਠ 'ਆਪਣੇ ਸੰਵਿਧਾਨ ਨੂੰ ਜਾਣੋ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਤੋਂ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ: ਸਤਨਾਮ ਦਿਓਲ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਡਾ: ਸਤਨਾਮ ਦਿਓਲ ਨੇ ਸੰਬੋਧਨ ਕਰਦਿਆਂ ਮੌਲਿਕ ਕਰਤੱਵਾਂ ਦੀ ਧਾਰਨਾ ਦੇ ਵਿਕਾਸ ਅਤੇ ਵਿਅਕਤੀਗਤ ਅਤੇ ਸਮਾਜਿਕ ਵਿਵਹਾਰ ਨੂੰ ਆਕਾਰ ਦੇਣ ਵਿਚ ਉਨ੍ਹਾਂ ਦੀ ਮਹੱਤਤਾ ਬਾਰੇ ਚਰਚਾ ਕੀਤੀ | ਉਨ੍ਹਾਂ ਨੇ ਅਧਿਕਾਰਾਂ ਤੇ ਕਰਤੱਵਾਂ ਵਿਚਕਾਰ ਆਪਸੀ ਸਬੰਧਾਂ ਬਾਰੇ ਦੱਸਦਿਆਂ ਕਿਹਾ ਕਿ ਅਧਿਕਾਰ ਬਿਨਾਂ ਕਰਤੱਵ ਸੰਭਵ ਨਹੀਂ ਹੋ ਸਕਦੇ | ਹਰ ਵਿਅਕਤੀ ਨੂੰ ਸਮਾਜ ਅਤੇ ਰਾਸ਼ਟਰ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਪਹਿਚਾਨਣਾ ਚਾਹੀਦਾ ਹੈ | ਡਾ: ਅੰਜਨਾ ਮਲਹੋਤਰਾ ਨੇ ਕਿਹਾ ਕਿ ਅਧਿਕਾਰ ਤੇ ਕਰਤੱਵ ਇਕ ਦੂਜੇ ਦੇ ਪੂਰਕ ਹਨ | ਪਿ੍ੰਸੀਪਲ ਡਾ: ਸਰਲਾ ਨਿਰੰਕਾਰੀ ਨੇ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਕਰਤੱਵਾਂ ਨੂੰ ਸਮਝਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਵਿਦਿਆਰਥੀਆਂ ਨੂੰ ਸੰਵਿਧਾਨ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਸੰਸਥਾ ਵਲੋਂ ਮੁੱਖ ਬੁਲਾਰੇ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸੈਮੀਨਾਰ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਜੇਤੂ ਵਿਦਿਆਰਥਣਾਂ ਨੂੰ ਮਹਿਮਾਨਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ |