ਗੁਰਦਾਸਪੁਰ, 30 ਅਗਸਤ (ਗੁਰਪ੍ਰਤਾਪ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਨਾਲ ਲਗਦੇ ਪਿੰਡਾਂ ਵਿਚ ਆਏ ਹੜ੍ਹਾਂ ਤੋਂ ਲੋਕਾਂ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀਆਂ ਟੀਮਾਂ ਵੀ ਲਗਾਤਾਰ ਰਾਹਤ ਤੇ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਗੁਰਦਾਸਪੁਰ ਡਾ: ਜਸਵਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਮੈਡੀਕਲ ਕੈਂਪ ਲਗਾਉਣ ਤੋਂ ਇਲਾਵਾ ਪ੍ਰਭਾਵਿਤ ਪਿੰਡਾਂ ਵਿਚ ਵਾਟਰ ਸੈਂਪਲਿੰਗ, ਸਿਹਤ ਜਾਗਰੂਕਤਾ ਅਤੇ ਮਰੀਜ਼ਾਂ ਦਾ ਰੈਸਕਿਊ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਮਰੀਜ਼ਾਂ ਨੂੰ ਜ਼ਰੂਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ ਹੁਣ ਤੱਕ 3 ਗਰਭਵਤੀ ਔਰਤਾਂ ਅਤੇ ਸੱਪ ਦੇ ਡੰਗ ਵਾਲੇ 2 ਕੇਸਾਂ ਨੂੰ ਸੁਰੱਖਿਅਤ ਬਚਾਇਆ ਗਿਆ ਹੈ | ਸਿਵਲ ਸਰਜਨ ਨੇ ਦੱਸਿਆ ਕਿ 30 ਅਗਸਤ ਤੱਕ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰ ਵਿਚ ਵੱਖ-ਵੱਖ ਥਾਵਾਂ 'ਤੇ 52 ਮੈਡੀਕਲ ਕੈਂਪ ਲਗਾਏ ਗਏ ਹਨ | ਉਨ੍ਹਾਂ ਕਿਹਾ ਕਿ ਜ਼ਰੂਰਤ ਅਨੁਸਾਰ ਇਨ੍ਹਾਂ ਮੈਡੀਕਲ ਕੈਂਪਾਂ ਦੀ ਗਿਣਤੀ ਵਧਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ 3, ਜਦਕਿ ਬਲਾਕ ਪੱਧਰ 'ਤੇ 19 ਰੈਪਿਡ ਰਿਸਪਾਂਸ ਟੀਮਾਂ ਕੰਮ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਅਨੁਸਾਰ 38 ਮੋਬਾਈਲ ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ, ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਆਪਣੀਆਂ ਮੈਡੀਕਲ ਸੇਵਾਵਾਂ ਦੇ ਰਹੀਆਂ ਹਨ | ਸਿਵਲ ਸਰਜਨ ਡਾ: ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੀਆਂ 6, ਜਦਕਿ 108 ਵਾਲੀਆਂ 17 ਐਂਬੂਲੈਂਸ ਲੋਕਾਂ ਦੀ ਸੇਵਾ ਵਿਚ ਮੌਜੂਦ ਹਨ | ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ | ਪਾਣੀ ਦੀ ਸੈਂਪਲਿੰਗ ਲਈ ਟੀਮਾਂ ਨੂੰ ਆਨ ਸਪੇਟ ਵਾਟਰ ਟੈਸਟਿੰਗ ਕਿੱਟਾਂ ਦਿੱਤੀਆਂ ਗਈਆਂ ਹਨ, ਜਿਸ ਨਾਲ ਮੌਕੇ 'ਤੇ ਹੀ ਪੀਣ ਵਾਲੇ ਪਾਣੀ ਦੀ ਗੁਣਵੱਤਾ ਚੈਕ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਵਲੋਂ ਪਾਣੀ ਦੀ ਕਲੋਰੀਨੇਸ਼ਨ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੱਛਰ ਦੇ ਖ਼ਾਤਮੇ ਲਈ ਫੋਗਿੰਗ ਦਾ ਪ੍ਰਬੰਧ ਕੀਤਾ ਗਿਆ ਹੈ | ਨਗਰ ਕੌਂਸਲ ਕੋਲ 18, ਜਦਕਿ ਸਿਹਤ ਵਿਭਾਗ ਕੋਲ 2 ਫੋਗਿੰਗ ਮਸ਼ੀਨਾਂ ਹਨ | ਜਿਸ ਦੀ ਮਦਦ ਨਾਲ ਵੱਖ-ਵੱਖ ਖੇਤਰਾਂ ਵਿਚ ਫੋਗਿੰਗ ਕੀਤੀ ਜਾਵੇਗੀ | ਇਸ ਦੇ ਨਾਲ ਹੀ ਮੱਛਰ ਤੋਂ ਬਚਾਅ ਲਈ ਕਰੀਮ ਅਤੇ ਧੰੂਏਾ ਲਈ ਕੋਇਲ ਵੀ ਦਿੱਤੀ ਜਾ ਰਹੀ ਹੈ | ਸਿਵਲ ਸਰਜਨ ਨੇ ਦੱਸਿਆ ਕਿ ਮੌਜੂਦਾ ਹਾਲਾਤਾਂ ਵਿਚ ਡਾਇਰੀਆ ਦੀ ਰੋਕਥਾਮ ਲਈ ਲੋਕਾਂ ਨੂੰ ਪੀਣ ਲਈ ਸਾਫ਼ ਪਾਣੀ ਅਤੇ ਸਾਫ਼-ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਹੜ੍ਹ ਵਾਲੇ ਖੇਤਰ ਵਿਚ ਓ.ਆਰ.ਐਸ. ਦੇ ਪੈਕੇਟ ਵੰਡੇ ਜਾ ਰਹੇ ਹਨ ਅਤੇ ਲੋਕਾਂ ਨੂੰ ਇਸ ਦੇ ਇਸਤੇਮਾਲ ਬਾਰੇ ਦੱਸਿਆ ਜਾ ਰਿਹਾ ਹੈ |