ਪਠਾਨਕੋਟ, 30 ਅਗਸਤ (ਵਿਨੋਦ)-ਪਠਾਨਕੋਟ ਵਿਚ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦਾ ਜਨਮ ਦਿਨ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਜ਼ਿਲ੍ਹਾ ਖੇਡ ਕੋਆਰਡੀਨੇਟਰ ਅਰੁਣ ਕੁਮਾਰ ਸਨ | ਇਸ ਮੌਕੇ ਉਨ੍ਹਾਂ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੀ ਪ੍ਰਤਿਭਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਅਰੁਣ ਕੁਮਾਰ ਨੇ ਕਿਹਾ ਕਿ ਮੇਜਰ ਧਿਆਨ ਚੰਦ ਇਕ ਮਹਾਨ ਹਾਕੀ ਖਿਡਾਰੀ ਸਨ | ਇਸ ਦਿਨ ਦਾ ਮੁੱਖ ਉਦੇਸ਼ ਖੇਡਾਂ ਨੂੰ ਉਤਸ਼ਾਹਿਤ ਕਰਨਾ ਅਤੇ ਆਮ ਲੋਕਾਂ ਨੂੰ ਸਰੀਰਕ ਤੰਦਰੁਸਤੀ ਪ੍ਰਤੀ ਜਾਗਰੂਕ ਕਰਨਾ ਹੈ | ਮੇਜਰ ਧਿਆਨ ਚੰਦ ਨੇ 1928, 1932 ਅਤੇ 1936 ਦੀਆਂ ਉਲੰਪਿਕ ਖੇਡਾਂ ਵਿਚ ਸਾਡੇ ਭਾਰਤ ਲਈ ਹਾਕੀ ਵਿਚ ਸੋਨ ਤਗਮੇ ਜਿੱਤ ਕੇ ਸਾਡੇ ਦੇਸ਼ ਦਾ ਮਾਣ ਵਧਾਇਆ | ਜਿਸ ਕਾਰਨ ਹਾਕੀ ਅਜੇ ਵੀ ਸਾਡੇ ਭਾਰਤ ਦੀ ਰਾਸ਼ਟਰੀ ਖੇਡ ਹੈ | ਇਸ ਖੇਡ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਹੈ | ਖੇਡਾਂ ਸਾਡੇ ਸਮਾਜ ਦਾ ਇਕ ਮਹੱਤਵਪੂਰਨ ਹਿੱਸਾ ਹਨ ਅਤੇ ਹਰ ਵਿਅਕਤੀ ਕਿਸੇ ਨਾ ਕਿਸੇ ਸਮੇਂ ਖੇਡਾਂ ਵਿਚ ਹਿੱਸਾ ਲੈਂਦਾ ਹੈ | ਖੇਡਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾਉਂਦੀਆਂ ਹਨ | ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ, ਸਗੋਂ ਮਾਨਸਿਕ ਤੰਦਰੁਸਤੀ ਵੀ ਪ੍ਰਦਾਨ ਕਰਦੀਆਂ ਹਨ | ਇਸ ਲਈ ਸਾਨੂੰ ਸਾਰਿਆਂ ਨੂੰ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਜੀ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਖੇਡਾਂ ਵਿਚ ਦਿਲਚਸਪੀ ਲੈਣੀ ਚਾਹੀਦੀ ਹੈ ਅਤੇ ਖੇਡਾਂ ਵਿਚ ਆਪਣਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ | ਇਸ ਮੌਕੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਪਠਾਨਕੋਟ ਦੇ ਜਨਰਲ ਸਕੱਤਰ ਕੁਲਵਿੰਦਰ ਕੁਮਾਰ, ਅਮਿਤ ਗੁਪਤਾ, ਰਾਜਦੀਪ, ਸ਼ੰਭੂ, ਸੁਭਾਸ਼ ਭੱਟ, ਮਨੀਸ਼ ਮਹਾਜਨ, ਸ਼ਵੇਤਾ, ਪਵਨ ਆਦਿ ਹਾਜ਼ਰ ਸਨ |