ਪਠਾਨਕੋਟ, 19 ਸਤੰਬਰ (ਆਸ਼ੀਸ਼ ਸ਼ਰਮਾ/ਵਿਨੋਦ)-ਜ਼ਿਲ੍ਹਾ ਪਠਾਨਕੋਟ ਦੀਆਂ 14 ਦਾਣਾ ਮੰਡੀਆਂ 'ਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਦਿੱਤੇ ਗਏ ਹਨ, ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਆਦੇਸ਼ ਵੀ ਦਿੱਤੇ ਗਏ ਹਨ ਕਿ ਮੰਡੀਆਂ ਅੰਦਰ ਕਿਸਾਨਾਂ ਨੂੰ ਝੋਨਾ ਵੇਚਣ 'ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਉੱਪਲ ਵਲੋਂ ਦਿੱਤੀ ਗਈ | ਉਨ੍ਹਾਂ ਕਿਹਾ ਕਿ 16 ਸਤੰਬਰ 2025 ਤੋਂ ਝੋਨੇ ਦੀ ਖ਼ਰੀਦ ਦਾ ਸੀਜ਼ਨ 2025-26 ਦੀ ਸ਼ੁਰੂਆਤ ਹੋ ਗਈ ਹੈ | ਇਸ ਸਾਲ 2025-26 ਦੌਰਾਨ ਜ਼ਿਲ੍ਹਾ ਪਠਾਨਕੋਟ ਅੰਦਰ ਪੈਂਦੀਆਂ 14 ਦਾਣਾ ਮੰਡੀਆਂ 'ਚੋਂ ਲਗਭਗ 106420 ਮੀ.ਟਨ. ਪੈਡੀ ਗ੍ਰੇਡ ਏ ਦੀ ਖ਼ਰੀਦ ਹੋਣ ਦਾ ਅਨੁਮਾਨ ਹੈ | ਜਿਸ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ | ਉਨ੍ਹਾਂ ਜ਼ਿਲੇ੍ਹ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਆਪਣੀ ਫ਼ਸਲ ਨੂੰ ਕਿਸੇ ਵੀ ਸੂਰਤ 'ਚ ਕੱਚੀ/ਗਿੱਲੀ ਨਾ ਵੱਢਾਉਣ ਤੇ ਝੋਨੇ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿਚ ਆਪਣੀ ਫ਼ਸਲ ਨੂੰ ਵੇਚਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |