ਗੁਰਦਾਸਪੁਰ, 19 ਸਤੰਬਰ (ਚੱਕਰਾਜਾ)-ਝੋਨੇ ਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਕਿਸਾਨਾਂ ਵਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਤੇ ਇਸ ਦੇ ਮਨੁੱਖ ਤੇ ਵਾਤਾਵਰਨ 'ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਿਯੁਕਤ ਬਲਾਕ ਨੋਡਲ ਅਫ਼ਸਰਾਂ ਤੇ ਕਲੱਸਟਰ ਅਫ਼ਸਰਾਂ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ: ਹਰਜਿੰਦਰ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਹੋਈ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਣਯੋਗ ਗਰੀਨ ਟਿ੍ਬਿਊਨਲ ਤੇ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਅੱਗ ਲੱਗਣ ਦੀ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਪੂਰੀ ਮੁਸ਼ਤੈਦੀ ਵਰਤੀ ਜਾਵੇਗੀ ਤੇ ਕੋਈ ਵੀ ਢਿੱਲਮੱਠ ਬਰਦਾਸ਼ਤ ਨਹੀਂ ਹੋਵੇਗੀ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਪਿੰਡਾਂ 'ਚ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾਣ ਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਤੇ ਖੇਤਾਂ ਵਿਚ ਪਰਾਲੀ ਨੂੰ ਸੰਭਾਲਣ ਦੇ ਫ਼ਾਇਦਿਆਂ ਬਾਰੇ ਜਾਗਰੂਕ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਮਝਾਉਣ ਦੇ ਬਾਵਜੂਦ ਕੋਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਿੰਡ ਦੇ ਗੁਰਦੁਆਰਿਆਂ ਤੋਂ ਅਨਾਊਾਸਮੈਂਟ ਕਰਵਾ ਕੇ ਕਿਸਾਨਾਂ ਤੇ ਆਮ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਜਾਵੇ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ | ਮੁੱਖ ਖੇਤੀਬਾੜੀ ਅਫ਼ਸਰ ਡਾ: ਅਮਰੀਕ ਸਿੰਘ ਨੇ ਦੱਸਿਆ ਕਿ ਵਿਭਾਗ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵੱਧ ਤੋਂ ਵੱਧ ਜਾਗਰੂਕ ਕਰ ਰਿਹਾ ਹੈ | ਇਸ ਮੌਕੇ ਇੰਜੀ: ਵਿਨੋਦ ਕੁਮਾਰ ਐੱਸ.ਡੀ.ਓ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਡਾ: ਸੁਖਬੀਰ ਸਿੰਘ ਸੰਧੂ, ਡਾ: ਜਰਮਨਜੀਤ ਸਿੰਘ, ਡਾ: ਦਿਲਰਾਜ ਸਿੰਘ, ਡਾ: ਸੰਦੀਪ ਸਿੰਘ ਆਦਿ ਹਾਜ਼ਰ ਸਨ |