ਪਠਾਨਕੋਟ, 19 ਸਤੰਬਰ (ਸੰਧੂ)-ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਜ਼ਿਲ੍ਹੇ ਦੇ ਸਰਹੱਦੀ ਖੇਤਰਾਂ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਨੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਅਧਿਕਾਰੀਆਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਜਿਨ੍ਹਾਂ ਦੇ ਘਰ ਹੜ੍ਹਾਂ ਵਿਚ ਤਬਾਹ ਹੋ ਗਏ ਸਨ, ਉਨ੍ਹਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੱਕੇ ਘਰ ਪ੍ਰਦਾਨ ਕੀਤੇ ਜਾਣਗੇ | ਉਨ੍ਹਾਂ ਦੇ ਦੌਰੇ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਵੀ ਮੌਜੂਦ ਸਨ, ਜਿਨ੍ਹਾਂ ਨੇ ਮੰਤਰੀ ਨੂੰ ਹੜ੍ਹ ਨਾਲ ਸੰਬੰਧਿਤ ਗੰਭੀਰ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਡਾ. ਜਤਿੰਦਰ ਸਿੰਘ ਨੇ ਸਥਾਨਕ ਲੋਕਾਂ ਦੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ | ਉਨ੍ਹਾਂ ਤੁਰੰਤ ਡਿਪਟੀ ਕਮਿਸ਼ਨਰ ਤੋਂ ਹੜ੍ਹਾਂ ਦੇ ਨੁਕਸਾਨ ਬਾਰੇ ਜਾਣਕਾਰੀ ਮੰਗੀ ਅਤੇ ਉਨ੍ਹਾਂ ਨੂੰ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਮੰਤਰੀ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਨੁਕਸਾਨੀਆਂ ਫਸਲਾਂ ਲਈ ਢੁਕਵਾਂ ਮੁਆਵਜ਼ਾ ਦੇਵੇਗੀ |