ਗੁਰਦਾਸਪੁਰ, 19 ਸਤੰਬਰ (ਗੁਰਪ੍ਰਤਾਪ ਸਿੰਘ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਸਮੀਤ ਕੌਰ ਦੀ ਅਗਵਾਈ ਹੇਠ ਅੱਜ 8ਵੇਂ ਪੋਸ਼ਣ ਮਾਹ ਦੀ ਸ਼ੁਰੂਆਤ ਕੀਤੀ ਗਈ | ਪੋਸ਼ਣ ਮਾਹ ਦੀ ਸ਼ੁਰੂਆਤ ਕਰਦੇ ਹੋਏ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਉਨ੍ਹਾਂ ਨੇ ਦੱਸਿਆ ਕਿ 17 ਸਤੰਬਰ ਤੋਂ 16 ਅਕਤੂਬਰ ਤੱਕ ਰਾਸ਼ਟਰੀ ਪੋਸ਼ਣ ਮਾਹ ਮਨਾਇਆ ਜਾਵੇਗਾ | ਪੋਸ਼ਣ ਮਾਹ ਦੌਰਾਨ ਕੁਪੋਸ਼ਨ ਦੇ ਵੱਧ ਸ਼ਿਕਾਰ ਤੇ ਅੰਸ਼ਕ ਤੌਰ 'ਤੇ ਕੁਪੋਸ਼ਨ ਦੇ ਸ਼ਿਕਾਰ ਬੱਚਿਆਂ ਦੀ ਸਿਹਤ ਤੇ ਤੰਦਰੁਸਤੀ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੋਸ਼ਣ ਅਭਿਆਨ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ, ਕਿਸ਼ੋਰ ਲੜਕੀਆਂ ਤੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ 'ਚ ਪੋਸ਼ਣ ਸਬੰਧੀ ਨਤੀਜਿਆਂ ਨੂੰ ਸੰਪੂਰਨ ਰੂਪ 'ਚ ਬਿਹਤਰ ਬਣਾਉਣ ਦਾ ਯਤਨ ਕਰਦਾ ਹੈ | ਇਸ ਤੋਂ ਇਲਾਵਾ ਕਮਲਪ੍ਰੀਤ ਕੌਰ ਜ਼ਿਲ੍ਹਾ ਕੋਆਰਡੀਨੇਟਰ ਨੇ ਦੱਸਿਆ ਕਿ ਅਨੀਮੀਆ ਤੇ ਢੁਕਵੀਂ ਸਾਫ਼-ਸਫ਼ਾਈ ਬਾਰੇ ਜਾਗਰੂਕਤਾ ਫੈਲਾਉਣ 'ਤੇ ਧਿਆਨ ਦਿੱਤਾ ਜਾਵੇਗਾ | ਜਿਸ ਦਾ ਉਦੇਸ਼ ਉਨ੍ਹਾਂ ਨੂੰ ਕਸਰਤ ਤੇ ਵਾਤਾਵਰਨ ਸੁਧਾਰ ਦੇ ਨਾਲ-ਨਾਲ ਸਿਹਤਮੰਦ ਤੇ ਪੌਸ਼ਟਿਕ ਖ਼ੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ | ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ਼ਸ਼ੀ ਬਾਲਾ, ਸੁਪਰਡੈਂਟ ਮਲਕੀਤ ਸਿੰਘ ਆਦਿ ਹਾਜ਼ਰ ਸਨ |