ਸ੍ਰੀ ਹਰਿਗੋਬਿੰਦਪੁਰ, 20 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਪ੍ਰਧਾਨ ਮੰਗਲ ਸਿੰਘ ਸੇਠ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਪੰਜਾਬ ਦੇ ਦਰਿਆ ਵਿਚ ਆਏ ਹੜ੍ਹਾਂ ਦੇ ਪਾਣੀਆਂ ਨੇ ਪੰਜਾਬ ਦੇ ਬਹੁਤ ਸਾਰੇ ਜ਼ਿਲਿ੍ਹਆਂ ਦੇ ਲੋਕਾਂ ਦਾ ਜਾਨੀ, ਮਾਲੀ ਨੁਕਸਾਨ ਕੀਤਾ ਹੈ, ਜਿਸ ਕਾਰਨ ਦਰਿਆ ਕਿਨਾਰੇ ਵਾਲੇ ਬਹੁਤ ਸਾਰੇ ਪਿੰਡਾਂ ਦੇ ਲੋਕ ਘਰੋਂ-ਬੇਘਰ ਹੋ ਗਏ ਹਨ ਅਤੇ ਪੰਜਾਬ ਦੀ ਬਹੁਤ ਸਾਰੀ ਵਾਹੀਯੋਗ ਜ਼ਮੀਨ ਤੇ ਫ਼ਸਲਾਂ ਨੁਕਸਾਨੀਆਂ ਗਈਆਂ ਹਨ, ਜਿਸ ਕਾਰਨ ਪੰਜਾਬ ਨੂੰ ਨਾ ਪੂਰਾ ਹੋਣਾ ਵਾਲਾ ਘਾਟਾ ਪਿਆ ਹੈ | ਮੰਗਲ ਸਿੰਘ ਸੇਠ ਨੇ ਕਿਹਾ ਕਿ ਹੜ੍ਹਾਂ ਨਾਲ ਹੋਈ ਭਾਰੀ ਤਬਾਹੀ ਦਾ ਸਾਹਮਣਾ ਪੰਜਾਬੀਆਂ ਨੇ ਬੜੀ ਦਲੇਰੀ ਨਾਲ ਕੀਤਾ ਹੈ | ਉੱਥੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਹੜ੍ਹ ਪੀੜਤਾਂ ਦਾ ਹਾਲ-ਚਾਲ ਵੀ ਪੁੱਛਿਆ ਗਿਆ ਹੈ ਅਤੇ ਉਨ੍ਹਾਂ ਦੀ ਹਰੇਕ ਪ੍ਰਕਾਰ ਦੀ ਮਦਦ ਵੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਹੜ੍ਹ ਪ੍ਰਭਾਵਿਤ ਫ਼ਸਲਾਂ ਦਾ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਜੋ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ, ਜੋ ਕਿ ਹੁਣ ਤੱਕ ਸਭ ਤੋਂ ਵੱਧ ਕਿਸੇ ਸਰਕਾਰ ਵਲੋਂ ਦਿੱਤਾ ਗਿਆ ਮੁਆਵਜ਼ਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਨਾਲ ਵਿਤਕਰਾ ਕੀਤਾ ਗਿਆ ਅਤੇ ਜੋ 1600 ਕਰੋੜ ਰੁਪਏ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤਾ ਗਿਆ ਹੈ, ਬਹੁਤ ਥੋੜ੍ਹਾ ਮੁਆਵਜ਼ਾ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਕਈ ਗੁਣਾ ਜ਼ਿਆਦਾ ਨੁਕਸਾਨ ਪੰਜਾਬ ਦਾ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪੂਰਨ ਮੁਆਵਜ਼ਾ ਦੇਣ ਦਾ ਜੋ ਐਲਾਨ ਕੀਤਾ ਹੈ, ਉਹ ਜਲਦੀ ਹੀ ਮਿਲਣਾ ਸ਼ੁਰੂ ਹੋ ਜਾਵੇਗਾ |