ਫ਼ਾਜ਼ਿਲਕਾ, 29 ਅਗਸਤ (ਦਵਿੰਦਰ ਪਾਲ ਸਿੰਘ)-ਪਿੰਡ ਖ਼ਾਨਪੁਰ ਦੇ ਸਾਬਕਾ ਸਰਪੰਚ ਅਤੇ ਯੂਥ ਅਕਾਲੀ ਦਲ ਆਗੂ ਹਰਦੀਪ ਢਾਕਾ ਨੇ ਹੜ੍ਹ ਪ੍ਰਭਾਵਿਤ ਪਿੰਡ ਤੇਜਾ ਰੁਹੇਲਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਹੜ੍ਹ ਨੇ ਪਿੰਡ ਦੇ ਲੋਕਾਂ ਦੀ ਜ਼ਿੰਦਗੀ ਪੂਰੀ ਤਰ੍ਹਾਂ ਅਸਤ-ਵਿਅਸਤ ਕਰ ਦਿੱਤਾ ਹੈ | ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਚੁੱਕੀਆਂ ਹਨ ਅਤੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ | ਪਿੰਡ ਵਾਸੀਆਂ ਨੇ ਦੁੱਖ ਜਤਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਸਮੇਂ ਦਾ ਮੁਆਵਜ਼ਾ ਤਾਂ ਮਿਲਿਆ ਸੀ, ਪਰ ਮੌਜੂਦਾ ਹਾਲਾਤਾਂ ਵਿਚ ਉਨ੍ਹਾਂ ਦਾ ਨੁਕਸਾਨ ਕਿਤੇ ਵੱਧ ਹੈ | ਉਨ੍ਹਾਂ ਨੇ ਸਰਕਾਰ ਤੋਂ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ | ਹਰਦੀਪ ਢਾਕਾ ਨੇ ਕਿਹਾ ਕਿ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਮੁਸ਼ਕਿਲ ਹਾਲਾਤਾਂ ਵਿਚ ਇਕੱਲਾ ਨਹੀਂ ਛੱਡਿਆ ਜਾਵੇਗਾ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਅਕਾਲੀ ਦਲ ਕਿਸਾਨਾਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਚੁੱਕੇਗਾ | ਢਾਕਾ ਨੇ ਦੱਸਿਆ ਕਿ ਹੜ੍ਹ ਦੀ ਮਾਰ ਝੱਲ ਰਹੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਉਹ ਸਰਕਾਰ ਤੱਕ ਮਾਮਲਾ ਪਹੁੰਚਾਉਣਗੇ | ਢਾਕਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਰਾਹਤ ਸਮਗਰੀ ਉਪਲਬਧ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ |