28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਡਿਪਟੀ ਕਮਿਸ਼ਨਰ ਵਲੋਂ ਰਾਹਤ ਕੈਂਪਾਂ ਦਾ ਜਾਇਜ਼ਾ

ਅਜੀਤ ਡੈਸਕ 30-08-2025
ਫ਼ਾਜ਼ਿਲਕਾ, 29 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲੇ੍ਹ ਵਿਚ ਬਣੇ ਵੱਖ-ਵੱਖ ਰਾਹਤ ਕੈਂਪਾਂ ਦਾ ਦੌਰਾ ਕਰਕੇ ਇੱਥੇ ਰਹਿ ਰਹੇ ਲੋਕਾਂ ਨਾਲ ਗੱਲਬਾਤ ਕਰਕੇ ਯਕੀਨੀ ਬਣਾਇਆ ਕਿ ਲੋੜਵੰਦ ਲੋਕਾਂ ਤੱਕ ਰਾਹਤ ਸਮਗਰੀ ਪਹੁੰਚਦੀ ਰਹੇ | ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਅੱਠ ਰਾਹਤ ਕੈਂਪ ਬਣਾਏ ਗਏ ਹਨ, ਜਿੱਥੇ ਆਉਣ ਵਾਲੇ ਲੋਕਾਂ ਨੂੰ ਰਾਸ਼ਨ, ਲੰਗਰ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਚਾਰਾ ਅਤੇ ਫੀਡ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਮੈਡੀਕਲ ਟੀਮਾਂ ਵੀ ਲਗਾਤਾਰ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ ਅਤੇ ਮੱਛਰ ਮਾਰ ਦਵਾਈ ਦਾ ਸਪਰੇ ਵੀ ਰਾਹਤ ਕੈਂਪਾਂ ਵਿਚ ਕਰਵਾਇਆ ਗਿਆ ਹੈ | ਖ਼ਬਰ ਲਿਖੇ ਜਾਣ ਤੱਕ ਉਨ੍ਹਾਂ ਢਾਣੀ ਮੋਹਨਾ ਰਾਮ, ਨੂਰ ਸਮੰਦ ਰਾਹਤ ਕੈਂਪ ਦਾ ਦੌਰਾ ਕੀਤਾ ਤੇ ਦੌਰਾ ਅਜੇ ਵੀ ਜਾਰੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਤਲੁਜ ਵਿਚ ਪਾਣੀ ਦਾ ਵਹਾਅ ਕੱਲ੍ਹ ਅਨੁਸਾਰ ਸਥਿਰ ਹੈ ਅਤੇ ਇਸ ਸਮੇਂ 2 ਲੱਖ 62 ਹਜ਼ਾਰ ਕਿਊਸਿਕ ਪਾਣੀ ਹੁਸੈਨੀਵਾਲਾ ਤੋਂ ਛੱਡਿਆ ਜਾ ਰਿਹਾ ਹੈ | ਹਾਲਾਂਕਿ ਹਰੀਕੇ ਹੈਡਵਰਕ ਤੋਂ ਨਿਕਾਸੀ ਵਿਚ 4 ਹਜ਼ਾਰ ਕਿਊਸਿਕ ਦੀ ਕਮੀ ਆਈ ਹੈ | ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਮੁਹਾਜ਼ ਤੇ ਕੰਮ ਕਰ ਰਿਹਾ ਹੈ | ਉਨ੍ਹਾਂ ਨੇ ਆਖਿਆ ਕਿ ਪ੍ਰਭਾਵਿਤ ਪਿੰਡਾਂ ਵਿਚ ਪੀਣ ਦਾ ਪਾਣੀ ਪੁੱਜਦਾ ਕੀਤਾ ਜਾ ਰਿਹਾ ਹੈ ਅਤੇ ਜਿੰਨਾ ਖੇਤਰਾਂ ਵਿਚ ਪਾਣੀ ਦੀ ਘਾਟ ਹੈ ਉੱਥੇ ਕੈਂਨੀਆਂ ਨਾਲ ਪਾਣੀ ਪਹੁੰਚਾਇਆ ਜਾ ਰਿਹਾ ਹੈ , ਜਦਕਿ ਜ਼ਿਆਦਾਤਰ ਪਿੰਡਾਂ ਵਿਚ ਆਰ.ਓ ਸਿਸਟਮ ਕਾਰਜਸ਼ੀਲ ਹਨ | ਇਸ ਤੋਂ ਬਿਨਾਂ ਹਰ ਪ੍ਰਕਾਰ ਦੀ ਰਾਹਤ ਸਮਗਰੀ ਘਰ ਘਰ ਪਹੁੰਚਾਈ ਜਾ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਾਰੀਆਂ ਟੀਮਾਂ ਕਾਰਜਸ਼ੀਲ ਹਨ | ਉਨ੍ਹਾਂ ਨੇ ਦੱਸਿਆ ਕਿ ਮੈਡੀਕਲ ਟੀਮਾਂ ਵੱਲੋਂ ਅੱਜ ਇੱਕ ਮਰੀਜ਼ ਨੂੰ ਡਾਇਲੈਸਿਸ ਲਈ ਬੇੜੀ ਰਾਹੀਂ ਲਿਆਂਦਾ ਗਿਆ ਅਤੇ ਹਸਪਤਾਲ ਪਹੁੰਚਾਇਆ ਗਿਆ | ਇਸ ਤੋਂ ਬਿਨਾਂ ਵੀ ਵੱਖ-ਵੱਖ ਟੀਮਾਂ ਨੇ ਅੱਜ ਸੈਂਕੜੇ ਲੋਕਾਂ ਨੂੰ ਬੇੜੀਆਂ ਅਤੇ ਟਰੈਕਟਰ ਟਰਾਲੀਆਂ ਰਾਹੀਂ ਸੁਰੱਖਿਅਤ ਬਾਹਰ ਕੱਢਿਆ | ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਡੀ.ਐਮ ਵੀਰਪਾਲ ਕੌਰ ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ ਵੀ ਹਾਜ਼ਰ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਨੀਵੇਂ ਥਾਵਾਂ ਵਿਚ ਜਾਣ ਤੋਂ ਗੁਰੇਜ਼ ਕਰਨ | ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਮਦਦ ਦੀ ਲੋੜ ਹੋਵੇ ਜਾਂ ਕੋਈ ਜਾਣਕਾਰੀ ਚਾਹੀਦੀ ਹੋਵੇ ਤਾਂ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਦੇ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ |
ਪਿਛਲੀ ਖ਼ਬਰ ਸਰਹੱਦੀ ਪਿੰਡਾਂ 'ਚ ਰਾਹਤ ਸਮੱਗਰੀ ਭੇਜਣ ਦੇ ਨਾਲ-ਨਾਲ ਐਨ.ਡੀ.ਆਰ.ਐਫ.ਦੀਆਂ ਟੀਮਾਂ ਕਰ ਰਹੀਆਂ ਹਨ ਰੈਸਕਿਊ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਿਖੇ ਖੇਡ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।