19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਡਿਪਟੀ ਕਮਿਸ਼ਨਰ ਵਲੋਂ ਅਬੋਹਰ, ਬੱਲੂਆਣਾ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਬੈਠਕ <br/>

ਅਜੀਤ ਡੈਸਕ 21-09-2025
ਅਬੋਹਰ, 20 ਸਤੰਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ) - ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅਬੋਹਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਅਬੋਹਰ ਤੇ ਬੱਲੂਆਣਾ ਖੇਤਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ | ਇਸ ਦੌਰਾਨ ਉਨ੍ਹਾਂ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਅਬੋਹਰ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮਾਂ ਹੱਦ 'ਚ ਉੱਚ ਗੁਣਵੱਤਾ ਦਾ ਪਾਲਨ ਕਰਦਿਆਂ ਮੁਕੰਮਲ ਕੀਤਾ ਜਾਵੇ | ਉਨ੍ਹਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਦੀ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ ਤੇ ਇਸ ਕੰਮ ਵਿਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਵੱਖੋ-ਵੱਖ ਥਾਵਾਂ ਤੋਂ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਜਾਣ ਤੇ ਇਹ ਸੈਂਪਲ ਪਾਣੀ ਦੇ ਸਰੋਤ ਦੇ ਨਾਲ ਨਾਲ ਲੋਕਾਂ ਦੇ ਘਰ ਤੋਂ ਵੀ ਲਏ ਜਾਣ ਤਾਂ ਜੋ ਸ਼ੁੱਧ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਬਾਰਸ਼ਾਂ ਨਾਲ ਫ਼ਸਲਾਂ ਦੇ ਹੋਏ ਖ਼ਰਾਬੇ ਦੀ ਰਿਪੋਰਟ ਲਈ ਤੇ ਵਿਭਾਗ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਬਾਰੇ ਵੀ ਜਾਣਿਆ | ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਤੇ ਕਿਸਾਨ ਆਪਣੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ 17 ਫ਼ੀਸਦੀ ਤੱਕ ਨਮੀ ਵਾਲੀ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਜ਼ਿਆਦਾ ਦੇਰ ਤੱਕ ਮੰਡੀਆਂ ਵਿਚ ਬੈਠਣਾ ਨਾ ਪਵੇ | ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਉਪਰੰਤ ਕਿਸਾਨ ਬਚੀ ਹੋਈ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਸਾਡਾ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ | ਉਨ੍ਹਾਂ ਨੇ ਸ਼ਹਿਰ ਤੇ ਪਿੰਡਾਂ ਵਿਚ ਸਾਫ਼ ਸਫ਼ਾਈ ਮੁਹਿੰਮ ਨੂੰ ਵੀ ਤੇਜ਼ ਕਰਨ ਦੀ ਹਦਾਇਤ ਕੀਤੀ ਤਾਂ ਜੋ ਬਾਰਸ਼ਾਂ ਬਾਅਦ ਪਾਣੀ ਜਾਂ ਜੀਵਾਣੂਆਂ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਕਿਸੇ ਵੀ ਸੰਭਾਵਿਤ ਪਸਾਰ ਨੂੰ ਰੋਕਿਆ ਜਾ ਸਕੇ | ਉਨ੍ਹਾਂ ਨੇ ਪਿੰਡਾਂ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਮੱਛਰ ਮਾਰਨ ਲਈ ਨਿਯਮਿਤ ਤੌਰ ਤੇ ਫੌਗਿੰਗ ਕਰਾਉਣ ਦੇ ਨਿਰਦੇਸ਼ ਵੀ ਦਿੱਤੇ | ਬਾਅਦ ਵਿਚ ਉਨ੍ਹਾਂ ਨੇ ਅਬੋਹਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਤੇ ਸਫ਼ਾਈ ਮੁਹਿੰਮ ਦਾ ਜਾਇਜ਼ਾ ਵੀ ਲਿਆ | ਉਨ੍ਹਾਂ ਨਗਰ ਨਿਗਮ ਅਬੋਹਰ ਦੇ ਬਣਾਏ ਸਫ਼ਾਈ ਵਾਲੇ ਡੰਪਾਂ ਤੇ ਖ਼ੁਦ ਜਾ ਕੇ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐੱਸ. ਡੀ. ਐਮ. ਸ੍ਰੀ ਕਿ੍ਸ਼ਨਾ ਪਾਲ ਰਾਜਪੂਤ ਤੇ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਸੁੱਕਾ ਝੋਨਾ ਹੀ ਮੰਡੀ 'ਚ ਲੈ ਕੇ ਆਉਣ-ਡੀ.ਐਫ.ਐੱਸ.ਸੀ. ਅਗਲੀ ਖ਼ਬਰ ਕੌਂਸਲਰ ਪੂਜਾ ਲੂਥਰਾ ਸਚਦੇਵਾ ਵਲੋਂ ਲੋਕ ਮਿਲਣੀ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।