ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੀ ਅੱਜ ਰਜਵੰਤ ਕੌਰ ਅਤੇ ਅਮਨ ਸ਼ਰਮਾ ਦੀ ਅਗਵਾਈ ਹੇਠ ਹੰਗਾਮੀ ਮੀਟਿੰਗ ਹੋਈ, ਜਿਸ 'ਚ ਅਗਸਤ ਮਹੀਨੇ ਦੀ ਤਨਖਾਹ ਨਾ ਮਿਲਣ ਕਾਰਨ ਕੰਪਿਊਟਰ ਅਧਿਆਪਕਾਂ ਦੁਆਰਾ ਭਾਰੀ ਰੋਸ ਜਤਾਇਆ ਗਿਆ | ਯੂਨੀਅਨ ਆਗੂਆਂ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਨੂੰ ਤਨਖਾਹ ਦੇਰੀ ਨਾਲ ਪਾਈ ਜਾਂਦੀ ਹੈ, ਜਿਸ 'ਚ ਸਿੱਖਿਆ ਵਿਭਾਗ ਵਲੋਂ ਅਗਸਤ ਮਹੀਨੇ ਦੀ ਤਨਖਾਹ ਵੀ ਅਣਗੌਲੀ ਕੀਤੀ ਗਈ, ਅਜਿਹੇ 'ਚ ਕੰਪਿਊਟਰ ਅਧਿਆਪਕਾਂ ਨੂੰ ਭਾਰੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਦੇ ਤਨਖਾਹ ਲਈ ਕੋਈ ਪੱਕੀ ਨੀਤੀ ਨਹੀਂ ਬਣਾਈ ਹੈ | ਅਧਿਆਪਕਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਅਗਸਤ ਮਹੀਨੇ ਦੀ ਤਨਖਾਹ ਨੂੰ ਜਲਦ ਜਾਰੀ ਨਾ ਕੀਤਾ ਤਾਂ ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਵਲੋਂ ਜ਼ਿਲ੍ਹਾ ਅੰਮਿ੍ਤਸਰ 'ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਕੇ ਸਰਕਾਰ ਦੇ ਪੁਤਲੇ ਸਾੜੇ ਜਾਣਗੇ | ਉਨ੍ਹਾਂ ਦੱਸਿਆ ਕਿ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਪੰਜਾਬ ਵਲੋਂ 23 ਸਤੰਬਰ ਨੂੰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵਲੋਂ ਰੋਸ ਮਾਰਚ ਕੀਤਾ ਜਾਵੇਗਾ | ਇਸ ਮੌਕੇ ਰਮਨ ਠਾਕੁਰ, ਹਰਜੋਤ ਸਿੰਘ, ਰੇਨੂੰ ਬਾਲਾ, ਰੀਨਾ ਕੁਮਾਰੀ, ਪੂਜਾ ਸ਼ਰਮਾ, ਅਮਨਦੀਪ ਕੌਰ, ਸਤਨਾਮ ਸਿੰਘ, ਸੁਮੰਤ ਗੁਪਤਾ, ਪ੍ਰਭਦੀਪ ਸਿੰਘ, ਮਨਿੰਦਰਪਾਲ ਸਿੰਘ, ਰਾਜ ਕੁਮਾਰ, ਅੰਮਿ੍ਦਰਪਾਲ ਸਿੰਘ, ਦਵਿੰਦਰਪਾਲ ਸਿੰਘ, ਹਰਜਿੰਦਰ ਸਿੰਘ, ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ |