ਮੀਆਂਵਿੰਡ, 29 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਬੀਤੇ ਦਿਨੀਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ 1984 ਦੇ 121 ਸਿੱਖ ਦੰਗਾ ਪੀੜ੍ਹਤ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ | ਇਸੇ ਸਬੰਧ ਵਿਚ ਭਾਜਪਾ ਦੇ ਸੀਨੀਅਰ ਆਗੂ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕਰਨ ਚੰਡੀਗੜ੍ਹ ਪਹੁੰਚੇ ਜਿੱਥੇ ਉਨ੍ਹਾਂ ਮੁੱਖ ਮੰਤਰੀ ਸੈਣੀ ਵਲੋਂ ਦੰਗਾ ਪੀੜਤਾਂ ਨੂੰ ਦਿੱਤੀਆਂ ਜਾ ਰਹੀਆਂ ਨੌਕਰੀਆਂ ਦੀ ਸ਼ਲਾਘਾ ਕੀਤੀ, ਉੱਥੇ ਹੀ ਉਨ੍ਹਾਂ 15 ਸਤੰਬਰ ਤੋਂ 23 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਦੇ ਫ਼ੈਸਲੇ ਦਾ ਸਵਾਗਤ ਕੀਤਾ | ਇਸ ਮੌਕੇ ਮੰਨਾ ਮੀਆਂ ਵਿੰਡ ਨੇ ਫੋਨ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਵਲੋਂ ਪਹਿਲਾਂ ਦਿੱਲੀ ਦੇ ਦੰਗਾ ਪੀੜਤਾਂ ਨੂੰ ਨੌਕਰੀਆਂ ਦਿੱਤੀਆਂ ਸਨ ਅਤੇ ਹੁਣ ਹਰਿਆਣਾ ਸਰਕਾਰ ਵਲੋਂ ਵੀ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕਰ ਦਿੱਤਾ ਹੈ, ਜੋ ਸਿੱਖ ਭਾਈਚਾਰੇ ਵਾਸਤੇ ਬਹੁਤ ਹੀ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਜਿਸ ਦਿਨ ਦਾ ਦੰਗਾ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਹੋਇਆ ਹੈ, ਉਸ ਦਿਨ ਤੋਂ ਪੰਜਾਬ ਵਿਚ ਰਹਿੰਦੇ ਦੰਗਾ ਪੀੜਤ ਵੀ ਇਸ ਆਸ ਵਿਚ ਹਨ ਕਿ ਸ਼ਾਇਦ ਪੰਜਾਬ ਸਰਕਾਰ ਵੀ ਸਾਡੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕਰੇ, ਪਰ ਅਫਸੋਸ ਪੰਜਾਬ ਸਰਕਾਰ ਨੂੰ ਦੰਗਾ ਪੀੜਤਾਂ ਲਈ ਕੋਈ ਹਮਦਰਦੀ ਨਹੀਂ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਭਾਜਪਾ ਪ੍ਰਧਾਨ ਹਰਦੀਪ ਸਿੰਘ ਗਿੱਲ, ਜ਼ਿਲ੍ਹਾ ਮੀਤ ਪ੍ਰਧਾਨ ਤੇ ਮੁੱਖ ਬੁਲਾਰਾ ਅਮਰਪਾਲ ਸਿੰਘ ਖਹਿਰਾ, ਡਿੰਪੀ ਮੀਆਂਵਿੰਡ ਆਦਿ ਹਾਜ਼ਰ ਸਨ |