ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸਫ਼ਾਈ ਅਤੇ ਪੁਨਰਵਾਸ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਖੇ ਸਫਾਈ ਅਭਿਆਨ ਚਲਾਇਆ ਗਿਆ ਅਤੇ ਫੌਗਿੰਗ ਕਰਵਾਈ ਗਈ | ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਪ੍ਰਭਾਵਿਤ ਖੇਤਰਾਂ ਵਿਚ ਬਿਮਾਰੀਆਂ ਨਾ ਫੈਲਣ, ਇਸ ਦੇ ਲਈ ਜਿਥੇ ਮੈਡੀਕਲ ਕੈਂਪਾਂ ਲਗਾਏ ਜਾ ਰਹੇ ਹਨ, ਉੱਥੇ ਹੀ ਸਾਫ਼-ਸਫ਼ਾਈ ਤੋਂ ਇਲਾਵਾ ਫੌਗਿੰਗ ਵੀ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਦੌਰਾਨ ਲੋਕਾਂ ਦੀ ਸੇਵਾ ਕਰਨਾ ਸਰਵਉੱਤਮ ਕਾਰਜ ਹੈ | ਹਰ ਨਾਗਰਿਕ ਨੂੰ ਇਕ ਦੂਜੇ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਭੁੱਲਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਜ਼ਿਲ੍ਹੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਮੱਛਰਾਂ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੇ ਡੇਂਗੂ ਤੋਂ ਬਚਾਅ ਲਈ ਪ੍ਰਭਾਵਿਤ ਪਿੰਡਾਂ ਵਿਚ ਲਗਾਤਾਰ ਫੌਗਿੰਗ ਕਰਵਾਈ ਜਾ ਰਹੀ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਤੇ ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਫ਼ਾਈ ਮੁਹਿੰਮ ਦਾ ਹਿੱਸਾ ਬਣਨ | ਇਸ ਮੌਕੇ ਚੇਅਰਮੈਨ ਦਿਲਬਾਗ਼ ਸਿੰਘ ਤੋਂ ਇਲਾਵਾ ਪਿੰਡਾਂ ਦੇ ਪੰਚ-ਸਰਪੰਚ ਤੇ ਵਲੰਟੀਅਰ ਹਾਜ਼ਰ ਸਨ |