ਲੁਧਿਆਣਾ, 30 ਅਗਸਤ (ਭੁਪਿੰਦਰ ਸਿੰਘ ਬੈਂਸ)-ਐਨ.ਐਸ.ਕਿਉ.ਐਫ. ਵੋਕੇਸ਼ਨਲ ਟੀਚਰਜ਼ ਫਰੰਟ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ | ਫਰੰਟ ਦੇ ਆਗੂਆਂ ਵਲੋਂ ਇਹ ਐਲਾਨ ਇੱਥੇ ਪੰਜਾਬੀ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਗਿਆ | ਫਰੰਟ ਦੇ ਆਗੂਆਂ ਰਣਜੀਤ ਸਿੰਘ, ਭੁਪਿੰਦਰ ਸਿੰਘ, ਰਣਜੀਤ ਸਿੰਘ, ਗੁਰਜੀਤ ਸਿੰਘ, ਨਵਨੀਤ ਕੁਮਾਰ ਤੇ ਨੀਰਜ ਸ਼ਰਮਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਫਰੰਟ ਵਲੋਂ ਸੰਘਰਸ਼ ਤੇਜ਼ ਕਰਦੇ ਹੋਏ 5 ਸਤੰਬਰ ਨੰੂ ਅਧਿਆਪਕ ਦਿਵਸ 'ਤੇ ਸੂਬੇ ਦੇ ਸਾਰੇ ਜ਼ਿਲ੍ਹਾ ਹੈੱਡ ਕੁਆਟਰਾਂ ਦੇ ਬਾਹਰ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਸੂਬਾ ਸਰਕਾਰ ਦੇ ਪੁਤਲੇ ਸਾੜੇ ਜਾਣਗੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਫਰੰਟ ਵਲੋਂ 13 ਸਤੰਬਰ ਨੰੂ ਮੁੱਖਮੰਤਰੀ ਦੀ ਸੰਗਰੂਰ ਵਿਖੇ ਰਿਹਾਇਸ਼ ਦਾ ਘੇਰਾਉ ਵੀ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਮੰਗਾਂ ਨੰੂ ਲੈ ਕੇ ਫਰੰਟ ਵਲੋਂ 24 ਅਗਸਤ ਨੂੰ ਖਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿਖੇ ਵੱਡਾ ਪ੍ਰਦਰਸ਼ਨ ਕੀਤਾ ਗਿਆ ਸੀ | ਪ੍ਰਦਰਸ਼ਨ ਦੌਰਾਨ ਰਣਜੀਤ ਸਿੰਘ, ਭੁਪਿੰਦਰ ਸਿੰਘ, ਪਰਮਜੀਤ ਕੌਰ ਨੂੰ ਪ੍ਰਸ਼ਾਸਨ ਨੇ ਹਿਰਾਸਤ ਵਿਚ ਲਿਆ ਅਤੇ ਦੋ ਦਿਨ ਲਈ ਸੰਗਰੂਰ ਜੇਲ੍ਹ ਵਿਚ ਰੱਖਿਆ ਗਿਆ | ਇਸ ਮੌਕੇ ਡੀ.ਟੀ.ਐਫ. ਯੂਨੀਅਨ ਦੇ ਸੂਬਾ ਪ੍ਰਧਾਨ ਵਿਕਰਮਦੇਵ, ਜ਼ਿਲ੍ਹਾ ਪ੍ਰਧਾਨ ਰਮਨਜੀਤ ਸਿੰਘ, ਸੁਖਵਿੰਦਰ ਸਿੰਘ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ ਤੇ ਵੋਕੇਸ਼ਨਲ ਫਰੰਟ ਨੰੂ ਸੰਘਰਸ਼ ਵਿਚ ਉਨ੍ਹਾਂ ਦਾ ਸਾਥ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਕਿਸਾਨ ਜੱਥੇਬੰਦੀ ਉਗਰਾਹਾਂ ਦੇ ਆਗੂਆਂ ਨੇ ਵੀ ਸੰਘਰਸ਼ ਵਿਚ ਫਰੰਟ ਦਾ ਸਾਥ ਦੇਣ ਦਾ ਭਰੋਸਾ ਦਿੱਤਾ |