ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿਚ ਮੋਬਾਇਲ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਹ ਕਾਰਵਾਈ ਥਾਣਾ ਮੋਤੀ ਨਗਰ ਦੇ ਐਸਐਚਓ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਹੈ | ਇਸ ਸਬੰਧੀ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿੱਚ ਅਭਿਸ਼ੇਕ ਕੁਮਾਰ ਵਾਸੀ ਗੁਰਬਾਗ ਕਲੋਨੀ ਅਤੇ ਪਵਨ ਕੁਮਾਰ ਵਾਸੀ ਪਰਮਜੀਤ ਨਗਰ ਸ਼ਾਮਿਲ ਹਨ | ਜਦਕਿ ਇਨ੍ਹਾਂ ਦਾ ਇੱਕ ਸਾਥੀ ਅਭਿਸ਼ੇਕ ਸਿੰਘ ਪੁੱਤਰ ਰਮੇਸ਼ ਸਿੰਘ ਅਜੇ ਫਰਾਰ ਹੈ | ਪੁਲਿਸ ਉਸ ਦੀ ਭਾਲ ਕਰ ਰਹੀ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਮੋਟਰਸਾਈਕਲ ਅਤੇ 9 ਮੋਬਾਇਲ ਬਰਾਮਦ ਕੀਤੇ ਹਨ | ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਮੋਤੀ ਨਗਰ ਅਤੇ ਆਸ-ਪਾਸ ਦੇ ਇਲਾਕੇ ਵਿਚ ਸਰਗਰਮ ਸਨ ਅਤੇ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਪੁਲਿਸ ਨੇ ਇਹਨਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |