ਲੁਧਿਆਣਾ, 19 ਸਤੰਬਰ (ਜਸਵਿੰਦਰ ਸਿੰਘ)-ਸਲੇਮ ਟਾਵਰੀ ਦਾਣਾ ਮੰਡੀ ਵਿਖੇ ਐਸ. ਡੀ. ਐਮ. ਡਾ. ਪੂਨਮ ਪ੍ਰੀਤ ਕੌਰ ਮੰਡੀ ਦਾ ਨਿਰੀਖਣ ਕਰਨ ਤੇ ਪੁਖਤਾ ਪ੍ਰਬੰਧ ਦੇਖਣ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਸਕੱਤਰ ਹਰਿੰਦਰ ਸਿੰਘ ਗਿੱਲ ਨਾਲ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਲੁਧਿਆਣਾ ਦੀ ਅਨਾਜ ਮੰਡੀ ਦਾ ਨਿਰੀਖਣ ਕੀਤਾ | ਇਸ ਮੌਕੇ ਮੈਡਮ ਐਸ. ਡੀ. ਐਮ. ਡਾ. ਪੂਨਮ ਪ੍ਰੀਤ ਕੌਰ ਨੇ ਕਿਹਾ ਕਿ ਅਸੀਂ ਅੱਜ ਮੰਡੀ ਦਾ ਨਿਰੀਖਣ ਕਰਨ ਪਹੁੰਚੇ ਹਾਂ ਤਾਂ ਜੋ ਕਿਸੇ ਵੀ ਕਿਸਾਨ ਭਰਾਵਾ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ | ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਇਸ ਮਹੀਨੇ ਦੇ ਅਖੀਰ ਤੱਕ ਝੋਨਾ ਮੰਡੀਆਂ ਵਿਚ ਆ ਸਕਦਾ ਹੈ ਪਰ ਮਾਰਕੀਟ ਕਮੇਟੀ ਪ੍ਰਸ਼ਾਸਨ ਵਲੋਂ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਵੀ ਕਿਸਾਨਾਂ ਨੂੰ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਵਿਚ ਸਿਰਫ਼ 17 ਫ਼ੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ ਗਈ ਹੈ | ਕੰਬਾਈਨ ਹਾਰਵੈਸਟਰਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕੰਬਾਈਨ ਚਲਾਉਣ ਦੇ ਆਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ | ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੀ ਸੂਰਤ ਵਿਚ ਸਖ਼ਤ ਕਾਰਵਾਈ ਕਰੇਗਾ ਤੇ ਕੰਬਾਈਨਾਂ ਨੂੰ ਜ਼ਬਤ ਕਰ ਲਿਆ ਜਾਵੇਗਾ | ਚੇਅਰਮੈਨ ਗਿੱਲ ਨੇ ਕਿਹਾ ਕਿ ਕਿਸਾਨਾਂ ਨੂੰ ਅਨਾਜ ਵੇਚਣ ਵਿਚ ਕੋਈ ਮੁਸ਼ਕਿਲ ਨਹੀਂ ਆਵੇਗੀ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਖਰੀਦ ਸੀਜ਼ਨ ਦੌਰਾਨ ਝੋਨੇ ਦੇ ਇਕ-ਇਕ ਦਾਣੇ ਨੂੰ ਸੁਚਾਰੂ ਤੇ ਮੁਸ਼ਕਲ ਰਹਿਤ ਢੰਗ ਨਾਲ ਚੁੱਕੇਗੀ |