ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨੌਜਵਾਨ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹੈਬੋਵਾਲ ਦੀ ਰਹਿਣ ਵਾਲੀ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਅੰਕਿਤ ਗੌਤਮ ਨਾਮੀ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨਾਲ ਉਸ ਦੀ ਮੁਲਾਕਾਤ ਉਸ ਦੀ ਭੈਣ ਦੇ ਵਿਆਹ ਵਿਚ ਤਿੰਨ ਸਾਲ ਪਹਿਲਾਂ ਹੋਈ ਸੀ ਅਤੇ ਬਾਅਦ ਵਿਚ ਇਹ ਆਪਸ ਵਿਚ ਗੱਲਬਾਤ ਕਰਨ ਲੱਗ ਪਏ ਅਤੇ ਕਥਿਤ ਦੋਸ਼ੀ ਦੇ ਸੰਪਰਕ ਵਿਚ ਆ ਗਈ ਅਤੇ ਉਸ ਨੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਕਈ ਵਾਰ ਜਬਰ ਜਨਾਹ ਕੀਤਾ | ਬਾਅਦ 'ਚ ਕਥਿਤ ਦੋਸ਼ੀ ਨੇ ਉਸ ਦੀ ਅਸ਼ਲੀਲ ਵੀਡੀਓ ਬਣਾ ਲਈ ਅਤੇ ਹੁਣ ਉਸ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ | ਕਥਿਤ ਦੋਸ਼ੀ ਉਸ ਨਾਲ ਵਿਆਹ ਕਰਵਾਉਣ ਤੋਂ ਵੀ ਮੁੱਕਰ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |