ਜ਼ੀਰਕਪੁਰ, 19 ਸਤੰਬਰ (ਹੈਪੀ ਪੰਡਵਾਲਾ)-ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਕਾਨੂੰਨ-ਵਿਵਸਥਾ ਬਾਬਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਨਗਰ ਕੌਂਸਲ ਦਫ਼ਤਰ 'ਚ ਪ੍ਰਸ਼ਾਸਨਿਕ, ਪੁਲਿਸ ਤੇ ਮਿਉਂਸੀਪਲ ਕਮੇਟੀ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਪਏ ਭਾਰੀ ਮੀਂਹ ਕਾਰਨ ਸ਼ਹਿਰ ਦੀਆਂ ਕਈ ਗਲੀਆਂ ਖ਼ਰਾਬ ਹੋ ਗਈਆਂ, ਪੇਵਰ ਬਲਾਕ ਉਖੜ ਗਏ ਅਤੇ ਸੀਵਰੇਜ ਪ੍ਰਣਾਲੀ ਨੂੰ ਵੀ ਨੁਕਸਾਨ ਪਹੁੰਚਿਆ ਹੈ | ਉਨ੍ਹਾਂ ਕੌਂਸਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਪਸੀ ਤਾਲਮੇਲ ਨਾਲ ਪ੍ਰਭਾਵਿਤ ਕਾਰਜਾਂ ਦੀ ਤੁਰੰਤ ਰਿਪੇਅਰ ਕੀਤੀ ਜਾਵੇ ਅਤੇ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਤੇਜ਼ੀ ਨਾਲ ਪੂਰਾ ਕੀਤਾ ਜਾਵੇ | ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ ਅਤੇ ਹਰ ਕਾਰਜ ਮਿੱਥੇ ਸਮੇਂ ਵਿਚ ਪੂਰੇ ਕਰਨ ਨਾਲ-ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਚਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇ | ਕਾਨੂੰਨ ਵਿਵਸਥਾ ਬਾਬਤ ੳਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਅੰਦਰ ਸੁਰੱਖਿਆ ਨੂੰ ਲੈ ਕੇ ਸਖ਼ਤੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜਿਨ੍ਹਾਂ ਥਾਵਾਂ 'ਤੇ ਸੜਕੀ ਆਵਾਜਾਈ ਵਧੇਰੇ ਹੈ, ਉਥੇ ਆਵਾਜਾਈ ਨੂੰ ਕੰਟਰੋਲ ਕਰਨ ਲਈ ਰੋਡ ਮੈਪ ਬਣਾ ਕੇ ਆਵਾਜਾਈ ਤਬਦੀਲ ਕੀਤੀ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਸੜਕੀ ਜਾਮ ਜਾਂ ਹਾਦਸੇ ਤੋਂ ਬਚਿਆ ਜਾ ਸਕੇ | ਉਨ੍ਹਾਂ ਕਿਹਾ ਕਿ ਓਵਰ ਸਪੀਡ ਵਾਹਨ ਅਤੇ ਜੈਬਰਾ ਕਰਾਸਿੰਗ ਕਰਨ ਵਾਲਿਆਂ ਦੇ ਮੌਕੇ 'ਤੇ ਚਲਾਨ ਕੀਤੇ ਜਾਣ ਅਤੇ ਸ਼ੱਕੀ ਵਾਹਨਾਂ ਦੀ ਨਾਕਿਆਂ ਦੌਰਾਨ ਚੈਕਿੰਗ ਕੀਤੀ ਜਾਵੇ | ਇਸ ਮੌਕੇ ਉਨ੍ਹਾਂ ਨਾਲ ਡਾਇਰੈਕਟਰ ਪੈਪਸੂ ਗੁਰਪ੍ਰੀਤ ਸਿੰਘ ਵਿਰਕ ਵੀ ਹਾਜ਼ਰ ਸਨ |