ਐੱਸ. ਏ. ਐੱਸ. ਨਗਰ, 19 ਸਤੰਬਰ (ਪ੍ਰੋ. ਅਵਤਾਰ ਸਿੰਘ)-ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲੋਂ ਹੜ੍ਹ ਪ੍ਰਭਾਵਿਤ ਸਰਹੱਦੀ ਜ਼ਿਲਿ੍ਹਆਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਮੁਹਾਲੀ ਤੋਂ 3 ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਲੋਕ-ਹਿੱਤ 'ਚ ਅਜਿਹੇ ਉਪਰਾਲੇ ਕਰਨ ਲਈ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੀ ਸ਼ਲਾਘਾ ਕਰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਡਾਕਟਰਾਂ, ਨਰਸਾਂ ਤੇ ਫਾਰਮਾਸਿਸਟਾਂ ਨਾਲ ਲੈਸ ਇਹ ਐਂਬੂਲੈਂਸਾਂ ਹੜ੍ਹ ਤੋਂ ਬਾਅਦ ਦੀਆਂ ਸਿਹਤ ਚੁਣੌਤੀਆਂ ਨੂੰ ਹੱਲ ਕਰਨਗੀਆਂ ਤੇ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਸਮੇਤ ਹੋਰਨਾਂ ਬਿਮਾਰੀਆਂ ਤੋਂ ਬਚਾਉਣਗੀਆਂ | ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਰਾਹੀਂ ਅਗਲੇ 45 ਦਿਨਾਂ ਦੌਰਾਨ ਮੁਫ਼ਤ ਡਾਕਟਰੀ ਜਾਂਚ ਅਤੇ ਦਵਾਈਆਂ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ, ਜਦਕਿ ਗੰਭੀਰ ਮਾਮਲਿਆਂ 'ਚ ਮਰੀਜ਼ਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ 'ਚ ਭੇਜਿਆ ਜਾਵੇਗਾ | ਇਸੇ ਦੌਰਾਨ ਆਗਾਮੀ ਵਿਧਾਨ ਸਭਾ ਸੈਸ਼ਨ ਬਾਰੇ ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲ ਦੇ ਜਵਾਬ 'ਚ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਲਈ ਵਚਨਬੱਧ ਹੈ | ਇਸੇ ਦੌਰਾਨ 'ਰੰਗਲਾ ਪੰਜਾਬ ਚੜ੍ਹਦੀ ਕਲਾ' ਫ਼ੰਡ ਇਕੱਤਰ ਕਰਨ ਦੀ ਮੁਹਿੰਮ ਨੂੰ ਸਫ਼ਲ ਕਰਾਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਦੁਨੀਆ ਭਰ 'ਚ ਵਸਦੇ ਪੰਜਾਬੀਆਂ ਵਲੋਂ ਦਿੱਤੇ ਜਾ ਰਹੇ ਭਾਰੀ ਯੋਗਦਾਨ ਨੇ ਆਮ ਸਥਿਤੀ ਬਹਾਲ ਕਰਨ ਦੇ ਯਤਨਾਂ ਨੂੰ ਮਜ਼ਬੂਤੀ ਦਿੱਤੀ ਹੈ | ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ 'ਆਪ' ਦੀ ਮੁਹਾਲੀ ਇਕਾਈ ਹਰ ਸੰਭਵ ਤਰੀਕੇ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰ ਰਹੀ ਹੈ | ਇਸ ਮੌਕੇ 'ਆਪ' ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਅਤੇ ਮਾਰਕੀਟ ਕਮੇਟੀ ਮੁਹਾਲੀ ਦੇ ਚੇਅਰਮੈਨ ਗੋਵਿੰਦ ਮਿੱਤਲ ਸਮੇਤ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ |