ਲਾਲੜੂ, 20 ਸਤੰਬਰ (ਰਾਜਬੀਰ ਸਿੰਘ)-ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਨਗਰ ਕੌਂਸਲ ਲਾਲੜੂ ਦੇ ਦਫਤਰ ਦੇ ਸ਼ਿਕਾਇਤ ਕੇਂਦਰ ਵਿਚ ਅੱਜ ਲੋਕਾਂ ਲਈ ਜਨਤਾ ਦਰਬਾਰ ਲਗਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਉਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਰੰਧਾਵਾ ਨੇ ਲਾਲੜੂ ਦੇ ਵੱਖ-ਵੱਖ ਵਾਰਡਾਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਹ ਲੋਕਾਂ ਵਲੋਂ ਚੁਣੇ ਹੋਏ ਨੁਮਾਇੰਦੇ ਹਨ ਤੇ ਉਨ੍ਹਾਂ ਦਾ ਹਲਕਾ ਹੀ ਉਨ੍ਹਾਂ ਦਾ ਅਸਲ ਪਰਿਵਾਰ ਹੈ ਅਤੇ ਉਨ੍ਹਾਂ ਹਲਕੇ ਦੇ ਲੋਕਾਂ ਦੇ ਕੰਮ ਕਰਵਾਉਣ ਨੂੰ ਹਮੇਸ਼ਾ ਪਹਿਲ ਦਿੱਤੀ ਹੈ | ਵਿਧਾਇਕ ਨੇ ਕਿਹਾ ਕਿ ਉਹ ਲੋਕਾਂ ਦੇ ਨਿੱਜ਼ੀ ਮਸਲਿਆਂ ਤੋਂ ਇਲਾਵਾ ਬੁਨਿਆਦੀ ਢਾਂਚੇ, ਸਿੱਖਿਆ ਅਤੇ ਸਿਹਤ ਸੰਭਾਲ ਵਰਗੇ ਮੁੱਦਿਆਂ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਜੁਟੇ ਹੋਏ ਹਨ | ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਸਤੀਸ਼ ਰਾਣਾ, ਨਗਰ ਕੌਂਸਲ ਲਾਲੜੂ ਦੇ ਕਾਰਜਸਾਧਕ ਅਫਸਰ ਅਸ਼ੋਕ ਪਥਰੀਆ, ਕੌਸਲਰ ਪਵਨ ਕੁਮਾਰ, 'ਆਪ' ਆਗੂ ਹਰੀਸ਼ ਮਦਾਨ, ਸਤਵੰਤ ਸਿੰਘ ਆਦਿ ਵੀ ਹਾਜ਼ਰ ਸਨ |