10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਯੂਨੀਅਨ ਬੈਂਕ ਆਫ਼ ਇੰਡੀਆ ਨੇ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀ ਕਲਾ ਤਹਿਤ ਹੜ੍ਹ ਪੀੜਤਾਂ ਲਈ ਦੋ ਕਰੋੜ ਦਾ ਦਿੱਤਾ ਯੋਗਦਾਨ <br/>

ਅਜੀਤ ਡੈਸਕ 21-09-2025
ਚੰਡੀਗੜ੍ਹ, 20 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੱਦੇ 'ਤੇ ਸਕਾਰਾਤਮਕ ਹੁੰਗਾਰਾ ਭਰਦੇ ਹੋਏ ਯੂਨੀਅਨ ਬੈਂਕ ਆਫ਼ ਇੰਡੀਆ ਨੇ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼ੁਰੂ ਕੀਤੇ ਮਿਸ਼ਨ ਚੜ੍ਹਦੀ ਕਲਾ ਵਿੱਚ ਦੋ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ | ਇਸ ਨੇਕ ਕਾਰਜ ਲਈ ਬੈਂਕ ਪ੍ਰਬੰਧਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਕ ਹਜ਼ਾਰ ਤੋਂ ਵੱਧ ਸਮਾਜ ਸੇਵੀ ਪਹਿਲਾਂ ਹੀ ਚੜ੍ਹਦੀ ਕਲਾ ਮਿਸ਼ਨ ਦਾ ਸਮਰਥਨ ਕਰਨ ਲਈ ਅੱਗੇ ਆ ਚੁੱਕੇ ਹਨ | ਉਨ੍ਹਾਂ ਅੱਗੇ ਕਿਹਾ ਕਿ ਯੂਨੀਅਨ ਬੈਂਕ ਆਫ਼ ਇੰਡੀਆ ਹੁਣ ਦੋ ਕਰੋੜ ਰੁਪਏ ਦਾ ਚੈੱਕ ਸੌਂਪ ਕੇ ਯੋਗਦਾਨ ਪਾਉਣ ਵਾਲਿਆਂ ਦੀ ਇਸ ਵਧਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ, ਜਿਸ ਨਾਲ ਹਾਲ ਹੀ ਵਿੱਚ ਹੜ੍ਹਾਂ ਨਾਲ ਤਬਾਹ ਹੋਏ ਸੂਬੇ ਦੇ ਮੁੜ ਨਿਰਮਾਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੀ ਹੈ | ਭਗਵੰਤ ਮਾਨ ਨੇ ਕਿਹਾ ਕਿ ਮਿਸ਼ਨ ਚੜ੍ਹਦੀ ਕਲਾ ਫੰਡ ਇਕੱਠਾ ਕਰਨ ਵਾਲੀ ਇੱਕ ਵਿਸ਼ਵਵਿਆਪੀ ਮੁਹਿੰਮ ਹੈ, ਜੋ 2025 ਦੇ ਪੰਜਾਬ ਹੜ੍ਹ ਪੀੜਤਾਂ ਲਈ ਸੂਬਾ ਸਰਕਾਰ ਦੀਆਂ ਮੁੜ-ਵਸੇਬਾ ਪਹਿਲਕਦਮੀਆਂ ਲਈ ਫੰਡ ਇਕੱਠਾ ਕਰਨ ਲਈ ਸ਼ੁਰੂ ਕੀਤੀ ਗਈ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਹਾਲ ਹੀ ਵਿੱਚ ਇੱਕ ਅਜਿਹੀ ਕੁਦਰਤੀ ਆਫ਼ਤ ਦੇਖੀ ਹੈ, ਜੋ ਪੀੜ੍ਹੀਆਂ ਤੱਕ ਲੋਕਾਂ ਦੇ ਚੇਤਿਆਂ ਵਿੱਚ ਉੱਕਰੀ ਰਹੇਗੀ | ਭਗਵੰਤ ਮਾਨ ਨੇ ਕਿਹਾ, ਹੜ੍ਹਾਂ ਨੇ ਸਿਰਫ਼ ਪਾਣੀ ਹੀ ਨਹੀਂ ਲਿਆਂਦਾ, ਸਗੋਂ ਲੱਖਾਂ ਸੁਪਨਿਆਂ ਨੂੰ ਰੋੜ੍ਹ ਦਿੱਤਾ | ਉਨ੍ਹਾਂ ਇਸ ਨੂੰ ਪੰਜਾਬ ਦੇ ਹਾਲੀਆ ਇਤਿਹਾਸ ਵਿੱਚ ਸਭ ਤੋਂ ਭਿਆਨਕ ਦੁਖਾਂਤਾਂ ਵਿੱਚੋਂ ਇੱਕ ਦੱਸਿਆ | ਉਨ੍ਹਾਂ ਨੇ ਕਿਹਾ ਕਿ ਇਹ ਪੰਜਾਬ ਦਾ ਸਭ ਤੋਂ ਵੱਡਾ ਇਮਤਿਹਾਨ ਵੀ ਹੈ ਪਰ ਇਤਿਹਾਸ ਦਰਸਾਉਂਦਾ ਹੈ ਕਿ ਪੰਜਾਬ ਹਮੇਸ਼ਾ ਹਰ ਸੰਕਟ ਵਿੱਚੋਂ ਮਜ਼ਬੂਤੀ ਨਾਲ ਉਭਰਦਾ ਹੈ |
ਇਸ ਪਹਿਲਕਦਮੀ ਪਿੱਛੇ ਦੀ ਭਾਵਨਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, Tਜਿਵੇਂ ਮੁਸੀਬਤ ਦੇ ਸਾਹਮਣੇ ਚੜ੍ਹਦੀ ਕਲਾ ਤਾਕਤ ਅਤੇ ਆਸ਼ਾਵਾਦ ਦੀ ਸਦੀਵੀ ਸਿੱਖ ਭਾਵਨਾ ਨੂੰ ਦਰਸਾਉਂਦੀ ਹੈ, ਉਸੇ ਤਰ੍ਹਾਂ ਮਿਸ਼ਨ ਚੜ੍ਹਦੀ ਕਲਾ ਦੁਨੀਆ ਭਰ ਦੇ ਸਾਰੇ ਪੰਜਾਬੀਆਂ ਨੂੰ ਇਸ ਬੇਮਿਸਾਲ ਮੁਸ਼ਕਲ ਦੇ ਸਮੇਂ ਇੱਕ ਪਰਿਵਾਰ ਵਜੋਂ ਇਕੱਠੇ ਹੋਣ ਦਾ ਸੱਦਾ ਹੈ |Uਉਨ੍ਹਾਂ ਉਮੀਦ ਪ੍ਰਗਟਾਈ ਕਿ ਦੁਨੀਆ ਭਰ ਦੇ ਹੋਰ ਪੰਜਾਬੀ ਆਪਣੇ ਸੁਪਨਿਆਂ ਦੇ ਪੰਜਾਬ ਦੇ ਪੁਨਰ ਨਿਰਮਾਣ ਲਈ ਖੁੱਲ੍ਹ ਕੇ ਯੋਗਦਾਨ ਪਾਉਂਦੇ ਰਹਿਣਗੇ | ਪਾਰਦਰਸ਼ਤਾ ਅਤੇ ਜਵਾਬਦੇਹੀ ਦਾ ਭਰੋਸਾ ਦਿੰਦੇ ਹੋਏ ਭਗਵੰਤ ਮਾਨ ਨੇ ਪੁਸ਼ਟੀ ਕੀਤੀ ਕਿ ਇਕੱਠਾ ਕੀਤਾ ਗਿਆ ਇੱਕ-ਇੱਕ ਪੈਸਾ ਹੜ੍ਹ ਪੀੜਤਾਂ ਦੀ ਭਲਾਈ ਅਤੇ ਮੁੜ-ਵਸੇਬੇ ਲਈ ਸਮਝਦਾਰੀ ਨਾਲ ਖ਼ਰਚਿਆਂ ਜਾਵੇਗਾ |

ਪਿਛਲੀ ਖ਼ਬਰ ਚੰਡੀਗੜ੍ਹ ਦੇ ਸੈਕਟਰ 26 ਮੰਡੀ ਵਿਖੇ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਕੰਮਾਂ ਦੀ ਸਮੀਖਿਆ ਹਰੀ ਕਲੀਕਟ ਨੇ ਕੀਤਾ ਦੌਰਾ... ਅਗਲੀ ਖ਼ਬਰ ਫੈਡਰੇਸ਼ਨ ਆਫ਼ ਯੂ.ਟੀ ਇੰਪਲਾਈਜ਼ ਐਂਡ ਵਰਕਰਜ਼ ਚੰਡੀਗੜ੍ਹ ਦੇ ਡੈਲੀਗੇਟ ਇਜਲਾਸ ਦੌਰਾਨ ਸਰਬਸੰਮਤੀ ਨਾਲ ਰਾਜੇਂਦਰ ਕਟੋਚ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।