ਸ੍ਰੀ ਚਮਕੌਰ ਸਾਹਿਬ, 19 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ(ਬ) ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸ੍ਰੌਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਹੋਈ | ਜਿਸ ਵਿਚ ਪੰਜਾਬ ਅੰਦਰ ਹੜ੍ਹਾਂ ਨਾਲ ਪ੍ਰਭਾਵਿਤ ਖੇਤਰ ਵਿਚ ਅਕਾਲੀ ਦਲ ਵਲੋਂ ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਵਿਚੋਂ ਚਾਰਾ(ਅਚਾਰ) ਭਰੇ ਦਰਜਨਾਂ ਟਰੱਕ ਰਵਾਨਾ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ ,ਜਿਨ੍ਹਾਂ ਹੜ੍ਹ ਪੀੜਤਾਂ ਅਤੇ ਹੜ੍ਹ ਪ੍ਰਭਾਵਿਤ ਖੇਤਰ ਵਿਚ ਮੋਹਰੀ ਹੋ ਕੇ ਮਦਦ ਕੀਤੀ ਗਈ | ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਜਥੇਦਾਰ ਲੱਖੇਵਾਲ ਅਤੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਐਸ.ਐਸ. ਪੀ. ਹਰਮੋਹਣ ਸਿੰਘ ਸੰਧੂ (ਸਪੁੱਤਰ ਸਾਬਕਾ ਕੈਬਨਿਟ ਮੰਤਰੀ ਸਵ:ਬੀਬੀ ਸਤਵੰਤ ਕੌਰ ਸੰਧੂ) ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਤੇ ਸ੍ਰੀ ਚਮਕੌਰ ਸਾਹਿਬ ਹਲਕੇ ਤੋਂ ਦਰਜਨਾਂ ਟਰੱਕ ਅਚਾਰ(ਚਾਰਾ) ਲੈ ਕੇ ਮਿਤੀ 20 ਸਤੰਬਰ ਨੂੰ ਸਵੇਰੇ 11.30 ਵਜੇ ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਤੋਂ ਹੜ੍ਹ ਪ੍ਰਭਾਵਿਤ ਖੇਤਰ ਦੇ ਪਸ਼ੂਆਂ ਲਈ ਲੈ ਕੇ ਰਵਾਨਾ ਹੋਣਗੇ | ਜਿਸ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ਤੇ ਪੁੱਜ ਰਹੇ ਹਨ | ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਆਗੂ /ਵਰਕਰ ਹਾਜ਼ਰ ਸਨ |