ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਵਿਚ ਪਰਾਲੀ ਸਾੜਨ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ | ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚੰਦਰਜਯੋਤੀ ਸਿੰਘ ਨੇ ਵਿਸ਼ੇਸ਼ ਮੀਟਿੰਗ ਦੌਰਾਨ ਕਿਹਾ ਕਿ ਇਸ ਸਾਲ ਕਿਸਾਨਾਂ ਨੂੰ 110 ਆਧੁਨਿਕ ਮਸ਼ੀਨਾਂ ਸਬਸਿਡੀ 'ਤੇ ਮੁਹੱਈਆ ਕਰਵਾਈਆਂ ਗਈਆਂ ਹਨ | ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਵਾਹ ਕੇ ਜਾਂ ਗੱਠਾਂ ਬਣਾਕੇ ਸੰਭਾਲਣ ਲਈ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਿਸਾਨ ਦੇ ਜ਼ਮੀਨ ਰਿਕਾਰਡ ਵਿਚ ਲਾਲ ਅੱਖਰਾਂ ਵਿਚ ਇੰਦਰਾਜ ਹੋਵੇਗਾ | 67 ਕਲੱਸਟਰ ਅਤੇ 89 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ | ਕੰਬਾਈਨ ਮਾਲਕਾਂ ਨੂੰ ਬਿਨਾਂ ਸੁਪਰ ਐਸਐਮਐਸ ਸਿਸਟਮ ਦੇ ਮਸ਼ੀਨ ਨਾ ਚਲਾਉਣ ਦੇ ਹੁਕਮ ਜਾਰੀ ਹੋਏ ਹਨ ਅਤੇ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨਾ ਕੱਟਣ 'ਤੇ ਪਾਬੰਦੀ ਹੈ | ਉਨ੍ਹਾਂ ਹਦਾਇਤ ਕੀਤੀ ਕਿ ਪੁਲਿਸ ਤੇ ਸਿਵਲ ਅਧਿਕਾਰੀ ਹਾਟਸਪਾਟ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ |