ਬਾਬਾ ਬਕਾਲਾ ਸਾਹਿਬ, 29 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਵਾਸਤੇ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਫ਼ੈਸਲਾ ਕੀਤਾ ਹੈ | ਵਿਧਾਇਕ ਟੌਂਗ ਨੇ ਕਿਹਾ ਕਿ ਇਸ ਸਮੇਂ ਸਭ ਤੋਂ ਵੱਡੀ ਲੋੜ ਹੈ ਕਿ ਇਸ ਮੁਸ਼ਕਿਲ ਸਮੇਂ ਵਿਚ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਈਏ ਤੇ ਉਨ੍ਹਾਂ ਦੇ ਪੁਨਰਵਾਸ ਲਈ ਕੰਮ ਕਰੀਏ | ਉਨ੍ਹਾਂ ਕਿਹਾ ਕਿ ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ ਪਰ ਅਸੀਂ ਰਲ ਮਿਲ ਕੇ ਇਕ ਦੂਜੇ ਦੇ ਨਾਲ ਖੜ੍ਹੀਏ | ਵਿਧਾਇਕ ਟੌਂਗ ਨੇ ਕਿਹਾ ਕਿ ਸਾਡੀ ਸਰਕਾਰ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਮੈਂ ਪ੍ਰਮਾਤਮਾ ਅਗੇ ਅਰਦਾਸ ਕਰਦਾ ਹਾਂ ਕਿ ਜਲਦ ਹੀ ਸਾਰੇ ਹਾਲਾਤ ਠੀਕ ਹੋ ਜਾਣਗੇ | ਉਨ੍ਹਾਂ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਨੂੰ ਬਚਾਉਣ ਅਤੇ ਉਨ੍ਹਾਂ ਤੱਕ ਰਾਸ਼ਨ ਪਹੁੰਚਾਉਣ ਲਈ ਸਰਕਾਰ ਦਾ ਹੈਲੀਕਾਪਟਰ ਲੋਕ ਸੇਵਾ ਵਿਚ ਲਗਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਾਡੇ ਲਈ ਇਕ-ਇਕ ਜਾਣ ਕੀਮਤੀ ਹੈ ਅਤੇ ਅਸੀਂ ਇਸ ਮੁਸ਼ਕਿਲ ਘੜੀ ਵਿਚ ਲੋਕਾਂ ਦੇ ਨਾਲ ਖੜੇ ਹਾਂ |