ਪਟਿਆਲਾ, 29 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬੇ ਅੰਦਰ ਸਿਹਤ ਵਿਭਾਗ ਦੇ ਸਟਾਫ਼ ਨੂੰ ਨਸ਼ਾ ਪੀੜਤਾਂ ਦੇ ਇਲਾਜ ਲਈ ਇਕਸਾਰ ਵਿਧੀ ਅਪਣਾਉਣ ਲਈ ਸੂਬੇ ਭਰ ਵਿਚ ਸਿਖਲਾਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਨਸ਼ਾ ਛੱਡਣ ਵਾਲੇ ਵਿਅਕਤੀ ਨੂੰ ਭਾਵੇਂ ਉਹ ਸੂਬੇ ਦੇ ਕਿਸੇ ਵੀ ਕੋਨੇ ਵਿਚ ਰਹਿੰਦਾ ਹੋਵੇ, ਉਹ ਹੀ ਇਲਾਜ ਮਿਲੇ ਜੋ ਕਿਸੇ ਵੱਡੇ ਹਸਪਤਾਲ ਵਿਚ ਦਿੱਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਮੈਡੀਕਲ ਅਫ਼ਸਰਾਂ ਦੀ ਸਮਰੱਥਾ ਨਿਰਮਾਣ ਸਿਖਲਾਈ ਨਸ਼ਾ ਪੀੜਤਾਂ ਦੇ ਇਲਾਜ ਲਈ ਅਗਲੇ ਪੱਧਰ ਦੀ ਸਿਖਲਾਈ ਦੇ ਸਮਾਪਤੀ ਸਮਾਰੋਹ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ | ਵਿਗਿਆਨਕ ਸਿਖਲਾਈ, ਰੀਅਲ ਟਾਈਮ ਨਿਗਰਾਨੀ ਅਤੇ ਨਸ਼ਾ ਛੁਡਾਊ ਬੁਨਿਆਦੀ ਢਾਂਚੇ ਦੇ ਵਿਸਥਾਰ ਰਾਹੀਂ, ਅਸੀਂ ਇਲਾਜ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਮਰੀਜ਼-ਕੇਂਦਿ੍ਤ ਬਣਾਉਣ ਲਈ ਦਿ੍ੜ ਹਾਂ | ਪੰਜਾਬ ਸਰਕਾਰ ਵਲੋਂ ਮੈਡੀਕਲ ਅਫ਼ਸਰ, ਕੌਂਸਲਰ, ਪੁਲਿਸ ਕਰਮਚਾਰੀ ਅਤੇ ਮਨੋਵਿਗਿਆਨੀਆਂ ਨੂੰ ਪ੍ਰਭਾਵਸ਼ਾਲੀ, ਹਮਦਰਦੀ ਅਤੇ ਪੇਸ਼ੇਵਾਰ ਦੇਖਭਾਲ ਪ੍ਰਦਾਨ ਕਰਨ ਲਈ ਨਵੀਨਤਮ ਸਿਖਲਾਈ ਨਾਲ ਲੈਸ ਕੀਤਾ ਜਾ ਰਿਹਾ ਹੈ | ਏਮਜ਼ ਤੋਂ ਪੰਜਾਬ ਦੇ 26 ਸਿਖਲਾਈ ਪ੍ਰਾਪਤ ਮਨੋਰੋਗ ਮਾਹਿਰ ਸਿਧਾਂਤਕ ਗਿਆਨ, ਵਿਹਾਰਕ ਹੁਨਰ ਅਤੇ ਕਾਨੂੰਨੀ ਜਾਗਰੂਕਤਾ ਨੂੰ ਕਵਰ ਕਰਦੇ ਹੋਏ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਪੰਜ ਦਿਨਾਂ ਦਾ ਸਿਖਲਾਈ ਪ੍ਰੋਗਰਾਮ ਚਲਾ ਰਹੇ ਹਨ | ਉਨ੍ਹਾਂ ਮੁਤਾਬਿਕ ਪੰਜਾਬ ਸਰਕਾਰ ਨੇ ਅੰਮਿ੍ਤਸਰ ਤੇ ਕਪੂਰਥਲਾ ਵਿਖੇ ਦੋ ਮਾਡਲ ਸੈਂਟਰ ਸ਼ੁਰੂ ਕੀਤੇ ਹਨ, ਜਿੱਥੇ ਨਸ਼ਾ ਕਰਨ ਵਾਲਿਆਂ ਨੂੰ ਟੀਕੇ ਦੀ ਵਰਤੋਂ ਅਤੇ ਨੁਕਸਾਨ ਤੋਂ ਰੋਕਣ ਲਈ ਕੰਮ ਕੀਤਾ ਜਾ ਰਿਹਾ ਹੈ | ਇਸ ਮੌਕੇ ਸਰਕਾਰੀ ਮੈਡੀਕਲ ਕਾਲਜ ਦੇ ਪਿ੍ੰਸੀਪਲ ਡਾ. ਆਰ.ਪੀ.ਐਸ. ਸਿਬੀਆ, ਮੈਡੀਕਲ ਸੁਪਰਡੈਂਟ ਸਰਕਾਰੀ ਰਜਿੰਦਰਾ ਹਸਪਤਾਲ ਵਿਸ਼ਾਲ ਚੋਪੜਾ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਡਾ. ਰਜਨੀਸ਼ ਸਮੇਤ ਸੰਗਰੂਰ, ਮਾਨਸਾ ਦੇ ਮੈਡੀਕਲ ਅਫ਼ਸਰ ਵੀ ਮੌਜੂਦ ਸਨ |