ਪਟਿਆਲਾ, 30 ਅਗਸਤ (ਅ. ਸ. ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਸਾਰਾ ਪੰਜਾਬ ਬੁਰੀ ਤਰ੍ਹਾਂ ਹੜ੍ਹਾਂ ਦੀ ਮਾਰ ਹੇਠ ਆ ਚੁੱਕਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਦਾ ਵੱਡੇ ਪੱਧਰ 'ਤੇ ਆਰਥਿਕ ਤੌਰ 'ਤੇ ਮਾਲੀ ਨੁਕਸਾਨ ਹੋ ਰਿਹਾ ਹੈ ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਕੁਝ ਆਰਥਿਕ ਮਦਦ ਮਿਲ ਸਕੇ | ਉਨ੍ਹਾਂ ਕਿਹਾ ਕਿ ਇਸ ਸੇਵਾ ਦੇ ਕਾਰਜ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਵਿਸ਼ੇਸ਼ ਯਤਨ ਕਰਨੇ ਚਾਹੀਦੇ ਹਨ ਤੇ ਕੇਂਦਰ ਸਰਕਾਰ ਨਾਲ ਨਿੱਜੀ ਤੌਰ 'ਤੇ ਸੰਪਰਕ ਕਰਕੇ ਪੰਜਾਬ ਦੇ ਲੋਕਾਂ ਦੀ ਆਵਾਜ਼ ਉਠਾ ਕੇ ਉਨ੍ਹਾਂ ਦੀ ਮਦਦ ਲਈ ਪੰਜਾਬ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਕੁਦਰਤੀ ਹੜ੍ਹਾਂ ਦੀ ਮਾਰ ਝੱਲਣ ਨਾਲ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ, ਕਿਸਾਨਾਂ ਦੀਆਂ ਹਜ਼ਾਰਾਂ ਏਕੜ ਫ਼ਸਲਾਂ ਤਬਾਹ ਹੋ ਗਈਆਂ ਹਨ, ਪਸ਼ੂਆਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋ ਰਿਹਾ ਹੈ, ਲੋਕਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਣ ਦੇ ਨਾਲ-ਨਾਲ ਘਰਾਂ ਦਾ ਕੀਮਤੀ ਸਾਮਾਨ ਵੀ ਰੁੜ੍ਹ ਗਿਆ ਹੈ, ਇਸ ਲਈ ਦੁੱਖ ਦੀ ਘੜੀ ਵਿਚ ਸਰਕਾਰਾਂ ਨੂੰ ਹੀ ਪੀੜਤ ਲੋਕਾਂ ਦੀ ਮਦਦ ਲਈ ਖੁੱਲ ਕੇ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡੇ ਪੱਧਰ 'ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਰਾਹਤ ਦੇਣ ਦੇ ਕਾਰਜ ਕੀਤੇ ਜਾ ਰਹੇ ਹਨ | ਵਿਸ਼ੇਸ਼ ਕੈਂਪ ਲਗਾ ਕੇ ਮੈਡੀਕਲ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਦੁੱਖ ਦੀ ਘੜੀ ਵਿਚ ਹਰੇਕ ਲੋੜਵੰਦ ਦੀ ਮਦਦ ਲਈ ਅੱਗੇ ਹੋ ਕੇ ਸਹਾਇਤਾ ਕਰਦੀ ਆ ਰਹੀ ਹੈ | ਪ੍ਰੋ. ਬਡੂੰਗਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਵੱਖੋ-ਵੱਖ ਜਥੇਬੰਦੀਆਂ ਦਾ ਵੀ ਧੰਨਵਾਦ ਕੀਤਾ ਹੈ |