ਪਟਿਆਲਾ, 30 ਅਗਸਤ (ਗੁਰਵਿੰਦਰ ਸਿੰਘ ਔਲਖ)-ਸ. ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਕਲਿਆਣ ਵਿਖੇ ਮੇਜਰ ਧਿਆਨ ਚੰਦ ਦੀ ਯਾਦ ਵਿਚ ਰਾਸ਼ਟਰੀ ਸਪੋਰਟਸ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਰਕਾਰੀ ਮਹਿੰਦਰਾ ਕਾਲਜ ਦੇ ਸੀਨੀਅਰ ਪ੍ਰੋਫੈਸਰ ਸਵਿੰਦਰ ਸਿੰਘ ਰੇਖੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਕਾਲਜ ਦੇ ਉਪ ਚੇਅਰਮੈਨ ਮਨਦੀਪ ਸਿੰਘ ਚਹਿਲ ਨੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਨੂੰ ਆਖਿਆ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਦੇ ਮਾਰਚ ਪਾਸਟ ਨਾਲ ਹੋਈ | ਮੁੱਖ ਮਹਿਮਾਨ ਪ੍ਰੋ. ਸਵਿੰਦਰ ਸਿੰਘ ਰੇਖੀ ਨੇ ਸੰਬੋਧਨ ਕਰਦਿਆਂ ਮੇਜਰ ਧਿਆਨ ਚੰਦ ਦੀਆਂ ਹਾਕੀ ਜਗਤ ਵਿਚ ਸ਼ਾਨਦਾਰ ਪ੍ਰਾਪਤੀਆਂ ਨੂੰ ਯਾਦ ਕੀਤਾ | ਉਨ੍ਹਾਂ ਕਿਹਾ ਕਿ ਮੇਜਰ ਧਿਆਨ ਚੰਦ, ਜਿਨ੍ਹਾਂ ਨੂੰ 'ਹਾਕੀ ਦਾ ਜਾਦੂਗਰ' ਵਜੋਂ ਜਾਣਿਆ ਜਾਂਦਾ ਹੈ, ਨੇ ਭਾਰਤ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਤਿੰਨ ਉਲੰਪਿਕ ਸੋਨ ਤਗਮੇ ਜਿਤਵਾਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਰਾਹੀਂ ਅਨੁਸ਼ਾਸਨ, ਟੀਮ ਵਰਕ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਮਨਦੀਪ ਸਿੰਘ ਚਹਿਲ ਨੇ ਕਿਹਾ ਕਿ ਸੰਸਥਾ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕਰਨਾ ਹੈ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੌੜ, ਜੈਵਲਿਨ ਥੋ੍ਰਅ, ਸ਼ਾਟ ਪੁੱਟ ਅਤੇ ਵਾਲੀਬਾਲ ਵਰਗੀਆਂ ਖੇਡ ਪ੍ਰਤੀਯੋਗਤਾਵਾਂ ਵਿਚ ਹਿੱਸਾ ਲਿਆ | ਜੇਤੂਆਂ ਨੂੰ ਮੁੱਖ ਮਹਿਮਾਨ ਅਤੇ ਉਪ ਚੇਅਰਮੈਨ ਵਲੋਂ ਇਨਾਮ ਅਤੇ ਸਰਟੀਫਿਕੇਟ ਵੰਡੇ ਗਏ | ਸਮਾਗਮ ਦੇ ਅੰਤ ਵਿਚ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਦੀਆਂ ਪ੍ਰੇਰਣਾਦਾਇਕ ਪ੍ਰਾਪਤੀਆਂ ਨੂੰ ਯਾਦ ਕੀਤਾ ਗਿਆ | ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇ ਸਮਾਗਮ ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ |