ਕੋਟਕਪੂਰਾ, 20 ਸਤੰਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਕੀ ਢਾਬ ਸਾਲਾਨਾ ਜੋੜ ਮੇਲੇ ਮੌਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਗੁਰਬਾਣੀ ਕੰਠ ਮੁਕਾਬਲੇ 'ਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸਨ ਕੀਤਾ | ਅਧਿਆਪਕ ਅਮਰਜੀਤ ਸਿੰਘ ਨੇ ਦੱਸਿਆ ਕਿ ਉਕਤ ਮੁਕਾਬਲਿਆਂ 'ਚ 23 ਸਕੂਲਾਂ ਦੇ 600 ਵਿਦਿਆਰਥੀਆਂ ਨੇ ਭਾਗ ਲਿਆ | ਗੁਰਬਾਣੀ ਕੰਠ ਮੁਕਾਬਲੇ 'ਚ ਸਕੂਲ ਦੀ ਨੌਵੀਂ ਜਮਾਤ ਦੀ ਵਦਿਆਰਥਣ ਨਿਤਨੇਮ ਕੌਰ ਨੇ 20 ਬਾਣੀਆਂ ਕੰਠ ਕਰਕੇ ਪਹਿਲਾ, ਗੁਰਸੀਰਤ ਕੌਰ ਨੇ ਦੂਜਾ, ਪੰਜਵੀਂ ਜਮਾਤ ਦੀ ਗੁਰਨੂਰ ਕੌਰ ਨੇ ਤੀਜਾ ਅਤੇ ਦਸਵੀਂ ਜਮਾਤ ਦੇ ਜਪਨੀਤ ਸਿੰਘ ਨੇ ਵੀ ਤੀਜਾ ਸਥਾਨ ਪ੍ਰਾਪਤ ਕੀਤਾ | ਪ੍ਰਬੰਧਕ ਕਮੇਟੀ ਵਲੋਂ ਜੇਤੂ ਵਿਦਿਆਰਥੀਆਂ ਨੂੰ ਮੈਡਲ, ਸਨਮਾਨ ਚਿੰਨ੍ਹ ਅਤੇ ਕਿਤਾਬਾਂ ਦੇ ਸੈਟ ਭੇਟ ਕਰਕੇ ਸਨਮਨਿਤ ਕੀਤਾ ਗਿਆ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਦੇ ਪਿ੍ੰਸੀਪਲ ਡਾ. ਸੁਰਿੰਦਰ ਸਿੰਘ ਟੁਰਨਾ ਅਤੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਅਤੇ ਸ਼ਾਨਾਮੱਤੇ ਇਤਿਹਾਸ ਨਾਲ ਜੋੜ ਕੇ ਇਕ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ |