ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ 2025 ਦੇ ਸਮਾਗਮ ਬਾਬਾ ਫ਼ਰੀਦ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਫ਼ਰੀਦਕੋਟ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ, ਸਮੂਹ ਮੈਂਬਰ ਚਰਨਜੀਤ ਸਿੰਘ ਸੇਖੋਂ, ਦੀਪਇੰਦਰ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ, ਕੁਲਜੀਤ ਸਿੰਘ ਮੌਗੀਆਂ ਅਤੇ ਨਰਿੰਦਰ ਪਾਲ ਸਿੰਘ ਬਰਾੜ ਦੀ ਦੇਖ-ਰੇਖ ਹੇਠ ਸ਼ੁਰੂ ਹੋਏ ਸਮਾਗਮਾਂ ਦੀ ਪਹਿਲੀ ਸ਼ਾਮ ਟਿੱਲਾ ਬਾਬਾ ਫ਼ਰੀਦ ਵਿਖੇ ਕੀਰਤਨ ਅਤੇ ਕਥਾ ਦਰਬਾਰ ਕਰਵਾਏ ਗਏ | ਧਾਰਮਿਕ ਸਮਾਗਮਾਂ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ ਨੇ ਰੂਹਾਨੀ ਕੀਰਤਨ ਅਤੇ ਕਥਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸ਼ਾਮ ਦੇ ਸਮੇਂ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਭਾਈ ਸਰਬਜੀਤ ਸਿੰਘ ਢੋਟੀਆਂ ਮੁੱਖ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਨੇ ਆਪਣੇ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਭਾਈ ਸੁਖਚੈਨ ਸਿੰਘ ਜੀ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਨੇ ਆਪਣੀਆਂ ਮਧੁਰ ਧੁਨਾਂ ਰਾਹੀਂ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਦੇ ਚਰਨਾਂ ਦੇ ਲੜ੍ਹ ਲਾਇਆ | ਇਸ ਮੌਕੇ ਸੁਸਾਇਟੀ ਵਲੋਂ ਸਮੂਹ ਮਹਿਮਾਨਾਂ ਨੂੰ ਸਿਰੋਪਾਓ ਭੇਟ ਕੀਤੇ ਗਏ | ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਆਗਮਨ ਪੁਰਬ ਨੂੰ ਸਮਰਪਿਤ ਇਹ ਕੀਰਤਨ ਅਤੇ ਕਥਾ-ਵਿਚਾਰਾਂ ਦੇ ਸਮਾਗਮ ਟਿੱਲਾ ਬਾਬਾ ਫ਼ਰੀਦ ਜੀ ਅਤੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸ਼ਾਮ 7.00 ਵਜੇ ਤੋਂ ਸ਼ੁਰੂ ਹੋ ਕੇ ਰਾਤ 9.00 ਵਜੇ ਤੱਕ ਹੋਇਆ ਕਰਨਗੇ | ਇਨ੍ਹਾਂ ਸਮਾਗਮਾਂ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਬਾਬਾ ਫ਼ਰੀਦ ਜੀ ਦੇ ਪਾਵਨ ਅਸਥਾਨਾਂ 'ਤੇ ਨਤਮਸਤਕ ਹੁੰਦੀਆਂ ਹਨ ਅਤੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ |